ਫਿਰੋਜ਼ਪੁਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਜ਼ੀਰਾ ਸਦਰ ਥਾਣੇ ਵਿੱਚ ਤਾਇਨਾਤ ਏ.ਐਸ.ਆਈ ਹਰਜਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਦੀ ਸ਼ਿਕਾਇਤ ’ਤੇ ਮੁਲਜ਼ਮ ਏਐਸਆਈ ਖ਼ਿਲਾਫ਼ ਕਾਰਵਾਈ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਮੇਲ ਕੌਰ ਵਾਸੀ ਪਿੰਡ ਮਹੀਆਂਵਾਲਾ ਨੇ ਹਰਪ੍ਰੀਤ ਸਿੰਘ ਖਿਲਾਫ ਸ਼ਿਕਾਇਤ ਦਿੱਤੀ ਸੀ। ਜਿਸ ‘ਤੇ ਕਾਰਵਾਈ ਨਾ ਕਰਨ ਦੀ ਬਜਾਏ ਦੋਸ਼ੀ ਏ.ਐਸ.ਆਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏਐਸਆਈ ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ। ਹੁਣ ਉਹ ਰਿਸ਼ਵਤ ਵਜੋਂ 20 ਹਜ਼ਾਰ ਰੁਪਏ ਹੋਰ ਮੰਗ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਦੋਸ਼ੀ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋਸ਼ੀ ਏਐਸਆਈ ਹਰਜਿੰਦਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਪੁੱਛਗਿੱਛ ਲਈ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।
ਦੂਜੇ ਪਾਸੇ ਤਿੰਨ ਦਿਨ ਪਹਿਲਾਂ ਵਿਜੀਲੈਂਸ ਵੱਲੋਂ 75,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫਰੀਦਕੋਟ ਵੂਮੈਨ ਸੈੱਲ ਦੀ ਏਐਸਆਈ ਹਰਜਿੰਦਰ ਕੌਰ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।