The Khalas Tv Blog Punjab ਅੰਮ੍ਰਿਤਸਰ ‘ਚ ਪੈਟਰੋਲਿੰਗ ਕਰ ਰਹੇ ASI ਦੀ ਗੋਲੀਆਂ ਮਾਰ ਕੇ ਹੱਤਿਆ
Punjab

ਅੰਮ੍ਰਿਤਸਰ ‘ਚ ਪੈਟਰੋਲਿੰਗ ਕਰ ਰਹੇ ASI ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ ਗੇਟ ਹਕੀਮਾ ਪੁਲਿਸ ਸਟੇਸ਼ਨ ਵਿਖੇ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਰਾਤ ਕਰੀਬ 2:30 ਵਜੇ ਦਾਣਾ ਮੰਡੀ ਨੇੜੇ ਮੋਟਰਸਾਈਕਲ ’ਤੇ ਗਸ਼ਤ ਕਰ ਰਹੇ ਸਨ ਜਦੋਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਆਸ-ਪਾਸ ਦੇ ਇਲਾਕੇ ਦੀ ਤਲਾਸ਼ੀ ਲਈ ਅਤੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ। ਹਮਲਾਵਰਾਂ ਦੀ ਪਛਾਣ ਅਤੇ ਘਟਨਾ ਦੇ ਮਕਸਦ ਦਾ ਪਤਾ ਲਗਾਉਣ ਲਈ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਫਿਲਹਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਣਪਛਾਤੇ ਹਮਲਾਵਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਵਿੱਚ ਹੈ।

ਸੀਐਮ ਭਗਵੰਤ ਮਾਨ ਨੇ ਜਤਾਇਆ ਦੁੱਖ

ਮੁੱਖ ਮੰਤਰੀ ਭਗਵੰਤ ਮਾਨ ਨੇ ਏ.ਐਸ.ਆਈ. ਹਰਜੀਤ ਸਿੰਘ ਦੀ ਸ਼ਹਾਦਤ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ।

1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ

ਸੀਐਮ ਮਾਨ ਨੇ ਕਿਹਾ ਕਿ ਸਤਿਕਾਰ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਐਚ.ਡੀ.ਐਫ.ਸੀ. ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ। ਸਰਕਾਰ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ।

ਅੱਤਵਾਦੀ ਸੰਗਠਨ ਟੀਟੀਐਚ ਨੇ ਜ਼ਿੰਮੇਵਾਰੀ ਲਈ

ਹਮਲੇ ਤੋਂ ਬਾਅਦ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨਾਮਕ ਇੱਕ ਸੰਗਠਨ ਨੇ ਜ਼ਿੰਮੇਵਾਰੀ ਲਈ। ਇਸੇ ਤਰ੍ਹਾਂ ਦੇ ਇੱਕ ਸੰਗਠਨ ਨੇ ਪਹਿਲਾਂ 11 ਸਤੰਬਰ ਨੂੰ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਵਿੱਚ ਏ.ਐਸ.ਆਈ. ਜਸਵੰਤ ਸਿੰਘ ’ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਸੁਰੱਖਿਆ ਏਜੰਸੀਆਂ ਇਨ੍ਹਾਂ ਦਾਅਵਿਆਂ ਦੀ ਵੀ ਜਾਂਚ ਕਰ ਰਹੀਆਂ ਹਨ।

 

Exit mobile version