ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵੀਸੀ ਨੇ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥਣ ਸਮੇਤ ਦੋ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਇੱਕ ਸਹਾਇਕ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਜਿਨਸੀ ਮਾਮਲਿਆਂ ਦੇ ਹੱਲ ਲਈ ਬਣਾਈ ਹਾਈ ਪਾਵਰ ਕਮੇਟੀ ਦੇ ਫ਼ੈਸਲੇ ਤੋਂ ਨਾਰਾਜ਼ ਚੱਲ ਰਹੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਟੂਡੈਂਟ ਯੂਨੀਅਨ ਦੇ ਆਗੂਆਂ ਵੱਲੋਂ ਦਿੱਤੇ ਗਏ 72 ਘੰਟੇ ਦੇ ਅਲਟੀਮੇਟਮ ਤੋਂ ਪਹਿਲਾਂ ਹੀ ਕੀਟ ਵਿਗਿਆਨ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਨੂੰ ਆਖ਼ਰਕਾਰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਵਧੀਕ ਨਿਰਦੇਸ਼ਕ ਸੰਚਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ.ਤੇਜਿੰਦਰ ਸਿੰਘ ਰਿਆੜ ਵੱਲੋਂ ਦਿੱਤੀ ਗਈ।
ਮੁਅਤਲ ਕੀਤਾ ਸਹਾਇਕ ਪ੍ਰੋਫੈਸਰ ਇਸ ਤੋਂ ਪਹਿਲਾਂ ਕੀਟ ਵਿਗਿਆਨ ਵਿਭਾਗ ਵਿੱਚ ਸੀ। ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਹਾਲ ਹੀ ਵਿੱਚ ਕਪੂਰਥਲਾ ਦੇ ਖੋਜ ਕੇਂਦਰ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪ੍ਰੋਫੈਸਰ ‘ਤੇ ਵਿਦਿਆਰਥਣਾਂ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਦਾ ਦੋਸ਼ ਹੈ। ਇਸ ਤੋਂ ਬਾਅਦ ਹੀ ਵੀਸੀ ਡਾ: ਸਤਬੀਰ ਸਿੰਘ ਗੋਸਲ ਨੇ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਦਿਆਰਥੀਆਂ ਨੇ ਇੱਕ ਹਫ਼ਤਾ ਪਹਿਲਾਂ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਕ ਪੱਤਰ ਲਿਖ ਕੇ ਇੱਕ ਵਿਦਿਆਰਥਣ ਦੇ ਜਿਨਸੀ ਸ਼ੋਸ਼ਣ ਨੂੰ ਉਜਾਗਰ ਕੀਤਾ ਸੀ। ਜਿਸ ਤੋਂ ਬਾਅਦ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਕਮੇਟੀ ਦੀ ਪ੍ਰਧਾਨਗੀ ਐਗਰੀਕਲਚਰ ਕਾਲਜ ਦੀ ਡੀਨ ਰਵਿੰਦਰ ਕੌਰ ਧਾਲੀਵਾਲ ਨੇ ਕੀਤੀ। ਮੁੱਢਲੀ ਜਾਂਚ ਵਿੱਚ ਕਮੇਟੀ ਨੇ ਸਹਾਇਕ ਪ੍ਰੋਫੈਸਰ ਨੂੰ ਦੋਸ਼ੀ ਪਾਇਆ ਹੈ। ਯੂਨੀਵਰਸਿਟੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਕਮੇਟੀ ਨੇ ਪਾਇਆ ਕਿ ਉਸ ਨੇ ਵਿਦਿਆਰਥਣ ਨੂੰ ਇਤਰਾਜ਼ਯੋਗ ਸੰਦੇਸ਼ ਭੇਜੇ ਸਨ। ਜਿਸ ਤੋਂ ਬਾਅਦ ਪ੍ਰੋਫੈਸਰ ਨੂੰ ਕਪੂਰਥਲਾ ਦੇ ਪੀਏਯੂ ਰਿਸਰਚ ਸਟੇਸ਼ਨ ਵਿੱਚ ਤਬਦੀਲ ਕਰ ਦਿੱਤਾ ਗਿਆ।
ਕੁਝ ਸਮੇਂ ਬਾਅਦ ਯੂਨੀਵਰਸਿਟੀ ਅਧਿਕਾਰੀਆਂ ਨੂੰ ਇੱਕ ਸਾਬਕਾ ਵਿਦਿਆਰਥੀ ਦੀ ਸ਼ਿਕਾਇਤ ਵੀ ਮਿਲੀ ਅਤੇ ਜਾਂਚ ਤੋਂ ਬਾਅਦ ਅਧਿਕਾਰੀਆਂ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਕਮੇਟੀ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।