ਸ੍ਰੀ ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਜਿਲ੍ਹੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਮੁੱਖ ਗੇਟ ’ਤੇ ਬੀਤੀ ਸ਼ਾਮ ਅਣਪਛਾਤੇ ਕਾਰ ਸਵਾਰਾਂ ਵੱਲੋਂ 3 ਬਿਹਾਰ ਦੇ ਵਸਨੀਕ ਵਿਦਿਆਰਥੀਆਂ ’ਤੇ ਹਮਲਾ ਕੀਤਾ ਗਿਆ। ਇਸ ਸਬੰਧੀ ਪੁਲੀਸ ਨੇ ਇਸ ਮਾਮਲੇ ’ਚ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਇੱਥੇ ਦੱਸਣਯੋਗ ਹੈ ਕਿ ਬੀਤੀ 3 ਜਨਵਰੀ ਨੂੰ ਵੀ ਇਸੇ ਕਾਲਜ ਦੇ ਸੁਰੱਖਿਆ ਕਰਮਚਾਰੀਆਂ ਅਤੇ ਬਿਹਾਰੀ ਮੂਲ ਦੇ ਵਿਦਿਆਰਥੀਆਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਏ ਸਨ ਜਿਸ ਦੇ ਚੱਲਦਿਆਂ ਕਾਲਜ ’ਚ ਪੜ੍ਹਦੇ ਕਈ ਵਿਦਿਆਰਥੀਆਂ ਨੇ ਪੜ੍ਹਾਈ ਵਿਚਾਲੇ ਛੱਡ ਕੇ ਬਿਹਾਰ ਵਾਪਸ ਚਲੇ ਜਾਣ ਦੀ ਤਿਆਰੀ ਕਰ ਲਈ ਸੀ। ਇਨ੍ਹਾਂ ਨੂੰ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਮਝਾ ਕੇ ਪੜ੍ਹਾਈ ਵਿਚਾਲੇ ਨਾ ਛੱਡਣ ਲਈ ਮਨਾ ਲਿਆ ਗਿਆ ਸੀ।
ਬਿਹਾਰੀ ਮੂਲ ਦੇ ਵਿਦਿਆਰਥੀ ਰਿਤਿਕ ਰੌਸ਼ਨ ਅਤੇ ਨਿਲਿਮਬੁਜ਼ ਚੌਬੇ ਆਦਿ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨਾਲ ਪੜ੍ਹਦੇ ਬਿਹਾਰ ਮੂਲ ਦੇ ਵਿਦਿਆਰਥੀ ਰਵੀ ਸ਼ੰਕਰ ਕੁਮਾਰ, ਆਨੰਦ ਕੁਮਾਰ ਅਤੇ ਰੋਹਿਤ ਕੁਮਾਰ ਬੀਤੀ ਸ਼ਾਮ ਜਦੋਂ ਬਾਹਰੋਂ ਖਾ ਪੀ ਕੇ ਹੋਸਟਲ ਜਾਣ ਲਈ ਕਾਲਜ ਦੇ ਮੁੱਖ ਗੇਟ ’ਤੇ ਪਹੁੰਚੇ ਤਾਂ ਕਾਰ ’ਚ ਸਵਾਰ 4 ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਡੰਡਿਆਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਜਦੋਂ ਕਿ ਬਿਲਕੁੱਲ ਕੋਲ ਗੇਟ ’ਤੇ ਖੜੇ ਸੁਰੱਖਿਆ ਕਰਮੀਆਂ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਹਮਲਾਵਰ ਉੱਥੋਂ ਫਰਾਰ ਹੋ ਗਏ।
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪ੍ਰਿੰਸੀਪਲ ਨੂੰ ਮਦਦ ਲਈ ਫੋਨ ਕੀਤੇ ਗਏ ਪਰ ਉਨ੍ਹਾਂ ਵੱਲੋਂ ਫੋਨ ਹੀ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਉਹ ਖੁਦ ਨੂੰ ਕਾਲਜ ’ਚ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ ਤੇ ਕਾਲਜ ਦੇ ਸਟਾਫ ਅਤੇ ਪ੍ਰਿੰਸੀਪਲ ਵੱਲੋਂ ਉਨ੍ਹਾਂ ਨੂੰ ਬਣਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਤੇ ਨਾ ਹੀ ਉਨ੍ਹਾਂ ਦੇ ਅਸਲ ਸਰਟੀਫਿਕੇਟ ਮੋੜੇ ਜਾ ਰਹੇ ਹਨ ਤਾਂ ਕਿ ਉਹ ਆਪਣੇ ਘਰ ਨਾ ਜਾ ਸਕਣ।
ਕਾਲਜ ਪ੍ਰਿੰਸੀਪਲ ਡਾ. ਲਖਬੀਰ ਸਿੰਘ ਨੇ ਕਿਹਾ ਕਿ ਬੀਤੀ ਸ਼ਾਮ ਕੁਝ ਅਣਪਛਾਤਿਆਂ ਵੱਲੋਂ ਬਿਹਾਰੀ ਮੂਲ ਦੇ 3 ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਗਈ ਸੀ ਜਿਸ ਦੇ ਸਬੰਧ ’ਚ ਪੁਲੀਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ। ਜਦੋਂ ਇਹ ਪੁੱਛਿਆ ਗਿਆ ਕਿ ਕੁਝ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ’ਤੇ ਉਨ੍ਹਾਂ ਨੂੰ ਸਹਿਯੋਗ ਨਾ ਦੇਣ ਅਤੇ ਉਨ੍ਹਾਂ ਦੇ ਅਸਲ ਦਸਤਾਵੇਜ਼ ਨਾ ਮੋੜਨ ਦੇ ਦੋਸ਼ ਲਗਾਏ ਜਾ ਰਹੇ ਹਨ ਤਾਂ ਉਹ ਸਵਾਲਾਂ ਦਾ ਕੋਈ ਜਵਾਬ ਦਿੱਤੇ ਬਗੈਰ ਹੀ ਗੱਲਬਾਤ ਵਿਚਾਲੇ ਛੱਡ ਕੇ ਵਾਪਸ ਕਾਲਜ ਅੰਦਰ ਚਲੇ ਗਏ।
ਫ਼ਤਹਿਗੜ੍ਹ ਸਾਹਿਬ ਦੇ ਡੀਐੱਸਪੀ ਸੁਖਬੀਰ ਸਿੰਘ ਵਾਹਲਾ ਨੇ ਦੱਸਿਆ ਕਿ ਅਣਪਛਾਤਿਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸੀਸੀਟੀਵੀ ਫੁਟੇਜ ਕਬਜ਼ੇ ’ਚ ਲੈ ਕੇ ਤਫਤੀਸ਼ ਕੀਤੀ ਜਾ ਰਹੀ ਹੈ ਤੇ ਅਸਲ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਸੀ ਜਦੋਂ ਵਿਦਿਆਰਥੀਆਂ ਨੇ ਕਾਲਜ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਮੌਜੂਦਾ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਦੀ ਮੰਗ ਕੀਤੀ ਸੀ। ਕਾਲਜ ’ਚ ਬਿਹਾਰ ਦੇ ਵਿਦਿਆਰਥੀਆਂ ਨਾਲ ਸੁਰੱਖਿਆ ਕਰਮਚਾਰੀਆਂ ਦੀ ਹਿੰਸਕ ਝੜਪ ਹੋ ਗਈ ਸੀ। ਇਸ ਮਗਰੋਂ ਵਿਦਿਆਰਥੀਆਂ ਦੁਆਰਾ ਪ੍ਰਦਰਸ਼ਨ ਕੀਤਾ ਗਿਆ ਸੀ।