ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸੇਵਾ ਨਿਭਾਅ ਰਹੇ ਸੇਵਾਦਾਰ ’ਤੇ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਸਰਕਾਰ ਨੂੰ ਵੀ ਸਖ਼ਤ ਤਾੜਨਾ ਕਰਦੇ ਹਾਂ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਇਥੇ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਰਗੇ ਮੁਕੱਦਸ ਸਥਾਨ ’ਤੇ ਹਰ ਵਿਅਕਤੀ ਭੈਅ ਮੁਕਤ ਹੋ ਕੇ ਆਉਂਦਾ ਹੈ ਅਤੇ ਅਜਿਹੇ ਪਾਵਨ ਸਥਾਨ ’ਤੇ ਕਿਸੇ ਉੱਪਰ ਵੀ ਹਮਲੇ ਵਰਗੀ ਘਟਨਾ ਵਾਪਰਨਾ ਨਿੰਦਣਯੋਗ ਅਤੇ ਦੁਖਦਾਈ ਹੈ।
ਭਾਜਪਾ ਆਗੂ ਵਿਜੇ ਸਾਂਪਲਾ
ਭਾਜਪਾ ਆਗੂ ਵਿਜੇ ਸਾਂਪਲਾ ਨੇ ਕਿਹਾ ਕਿ ਦਰਬਾਰ ਸਾਹਿਬ ’ਚ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਘਟਨਾ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਜ਼ਾ ਦਿੱਤੀ ਹੈ, ਜਿਸ ਦਾ ਖ਼ਮਿਆਜ਼ਾ ਉਹ ਸੇਵਾ ਕਰਦਿਆਂ ਭੁਗਤ ਰਹੇ ਹਨ। ਇਸ ਦੇ ਨਾਲ ਹੀ ਕੁਝ ਲੋਕ ਸਿੱਖ ਮਰਿਆਦਾ ਦੇ ਖਿਲਾਫ਼ ਜਾ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਜੋ ਕਿ ਕਾਫ਼ੀ ਨਿੰਦਣਯੋਗ ਹੈ।
ਵਿਜੇ ਸਾਂਪਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ’ਚ ਸੇਵਾਦਾਰ ਬਣ ਕੇ ਸੇਵਾ ਕਰ ਰਹੇ ਹਨ ਅਤੇ ਉਥੇ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦਾ ਮਤਲਬ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਨ ਅਤੇ ਸਰਕਾਰ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ’ਚ ਕਿੱਥੇ ਲਾਪਰਵਾਹੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਮਨੀਸ਼ ਤਿਵਾੜੀ
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਇਹ ਬੇਹੱਦ ਦੁਖਦ ਅਤੇ ਨਿੰਦਣਯੋਗ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਹੈ ਅਤੇ ਸੁਖਬੀਰ ਸਿੰਘ ਬਾਦਲ ਆਪਣੀ ਸਜ਼ਾ ਪੂਰੀ ਕਰ ਰਹੇ ਸਨ ਪਰ ਉਨ੍ਹਾਂ ’ਤੇ ਹਮਲਾ ਕਰਨਾ ਅਤਿ ਨਿੰਦਣਯੋਗ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜਿੰਮੇਵਾਰ ਲੋਕਾਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।