‘ਦ ਖ਼ਾਲਸ ਬਿਊਰੋ(ਅਤਰ ਸਿੰਘ):- ਪਾਕਿਸਤਾਨ ਦੇ ਲਾਹੌਰ ਵਿੱਚ ਬਣੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ਨੂੰ ਮਸਜਿਦ ਵਿੱਚ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਗਈ।
ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਟਵੀਟ ਕਰਦਿਆਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਅਸਥਾਨ ਲਾਹੌਰ ਵਿਖੇ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਨੂੰ ਮਸਜਿਦ ਵਿੱਚ ਤਬਦੀਲ ਕਰਨ ਦੀਆਂ ਕੀਤੀਆਂ ਕੋਸ਼ਿਸ਼ਾਂ ਦੀ ਪੰਜਾਬ ਸਰਕਾਰ ਸਖ਼ਤ ਸ਼ਬਦਾਂ ਵਿੱਚ ਨਿੰਦਿਆਂ ਕਰਦੀ ਹੈ।
ਇਸ ਮਾਮਲੇ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਵਿਦੇਸ਼ ਮੰਤਰੀ ਡਾ.ਆਰ.ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਸਰਕਾਰ ਕੋਲ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਗੰਭੀਰ ਮੁੱਦੇ ਨੂੰ ਚੁੱਕਣ।
27 ਜੁਲਾਈ ਨੂੰ ਭਾਰਤ ਨੇ ਪਾਕਿ ਹਾਈਕਮਾਨ ਕਮਿਸ਼ਨ ਸਾਹਮਣੇ ਇਸ ਮਾਮਲੇ ਸਬੰਧੀ ਵਿਰੋਧ ਦਰਜ ਕਰਵਾ ਕੇ ਪਾਕਿਸਤਾਨ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ ਹੈ।
ਮਸਜਿਦ ਦੇ ਮੌਲਵੀ ਦੀ ਇੱਕ ਵੀਡੀਓ ਸਾਹਮਣੇ ਆਈ ਜਿਸ ਵਿੱਚ ਉਹ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਮਸਜਿਦ ਦੀ ਹੋਣ ਦਾ ਦਾਅਵਾ ਕਰ ਰਿਹਾ ਹੈ।
ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ਦੇ ਪਿਛਲੇ ਪਾਸੇ ਇੱਕ ਪਲਾਟ ਹੈ, ਜਿਸ ‘ਤੇ ਕੁਝ ਲੋਕਾਂ ਵੱਲੋਂ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਸੀਂ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ।