ਲੰਦਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਅੰਗਾਂ ਦੀ ਨਿਲਾਮੀ ਕਰਵਾਈ ਜਾ ਰਹੀ ਸੀ ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵੱਲੋਂ ਇਕ ਪਟੀਸ਼ਨ ਦਾਇਰ ਕੀਤੀ ਗਈ। ਇਸ ਤੋਂ ਬਾਅਦ ਹੁਣ ਲੰਦਨ ਦੇ ਇਸ ਨਿਲਾਮੀ ਘਰ ਨੇ ਗੁਰੂ ਸਾਹਿਬ ਦੇ ਅੰਗਾਂ ਦੀ ਨਿਲਾਮੀ ਦੀ ਪ੍ਰਕਿਰਿਆ ਰੋਕ ਦਿੱਤੀ ਹੈ। ਇਸ ਦੇ ਨਾਲ ਹੀ ਨਿਲਾਮੀ ਘਰ ਨੇ ਇਸ ਸਬੰਧੀ ਮੁਆਫ਼ੀ ਵੀ ਮੰਗੀ ਹੈ ਤੇ ਇਸ ਨਾਲ ਸਬੰਧਿਤ ਸਾਰੇ ਦਸਤਾਵੇਜ਼ ਹਟਾ ਦਿੱਤੇ ਗਏ ਹਨ। ਇਸ ਪਟੀਸ਼ਨ ’ਤੇ ਵੱਡੀ ਗਿਣਤੀ ਵਿੱਚ ਸਿੱਖਾਂ ਨੇ ਦਸਤਖ਼ਤ ਕੀਤੇ ਸਨ। ਨਿਲਾਮੀ ਘਰ ਨਾਲ ਸੰਪਰਕ ਕੀਤਾ ਗਿਆ, ਜਿਸ ਤੋਂ ਬਾਅਦ ਉਕਤ ਸਾਰੇ ਦਸਤਾਵੇਜ਼ਾਂ ਨੂੰ ਨਿਲਾਮ ਹੋਣ ਤੋਂ ਰੋਕ ਦਿੱਤਾ ਗਿਆ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗੁਰੂ ਹਨ, ਗੁਰਬਾਣੀ ਦਾ ਹਰ ਸਿੱਖ ਦੇ ਜੀਵਨ ਵਿੱਚ ਬਹੁਤ ਵੱਡਾ ਮਹੱਤਵ ਹੈ। ਗੁਰਬਾਣੀ ਦੀ ਇਸ ਤਰ੍ਹਾਂ ਨਿਲਾਮੀ ਹੋਣਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ, ਜਿਸ ਨੂੰ ਸਿੱਖ ਕੌਮ ਵੱਲੋਂ ਕਦੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪਟੀਸ਼ਨਕਰਤਾ ਨੇ ਮੰਗ ਕੀਤੀ ਸੀ ਕਿ ਨਿਲਾਮੀ ਘਰ ਨੂੰ ਗੁਰਬਾਣੀ ਨਾਲ ਜੁੜੇ ਹਰ ਦਸਤਾਵੇਜ਼ ਦੀ ਨਿਲਾਮੀ ਤੁਰੰਤ ਰੁਕਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਗੁਰਬਾਣੀ ਤੇ ਬਿਰਧ ਸਰੂਪਾਂ ਨੂੰ ਸਿੱਖਾਂ ਦੇ ਹਵਾਲੇ ਕਰਨ ਲਈ ਵਿਚੋਲਗੀ ਕਰਨ ਦੀ ਮੰਗ ਵੀ ਕੀਤੀ ਗਈ ਸੀ।