ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਸਟੇਟ ਵਿੱਚ ਲਗਾਤਾਰ ਝਟਕੇ ਲੱਗਦੇ ਆ ਰਹੇ ਹਨ। ਦਲ ਦੇ ਸੀਨੀਅਰ ਆਗੂ ਰਹੇ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ ਅਤੇ ਮਨਜਿੰਦਰ ਸਿੰਘ ਸਿਰਸਾ ਦਲ ਨੂੰ ਅਲਵਿਦਾ ਕਹਿ ਕੇ ਜਾ ਚੁੱਕੇ ਹਨ। ਪਰ ਇੱਕੋ ਇੱਕ ਨੇਤਾ ਜਿਸਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੱਲਾ ਨਹੀਂ ਛੱਡਿਆ, ਉਹ ਸੀ ਅਵਤਾਰ ਸਿੰਘ ਹਿੱਤ। ਜਥੇਦਾਰ ਹਿੱਤ ਨੇ ਬਾਦਲਾਂ ਨਾਲ ਆਖ਼ਰੀ ਸਾਹ ਤੱਕ ਤੋੜ ਨਿਭਾਈ ਹੈ। ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ ਹੈ। ਉਨ੍ਹਾਂ ਦੀ ਉਮਰ 76 ਸਾਲ ਸੀ। ਜਥੇਦਾਰ ਹਿੱਤ ਦਾ ਅੰਤਿਮ ਸਸਕਾਰ ਅੱਜ ਸ਼ਾਮ 5:30 ਵਜੇ ਬੇਰੀ ਵਾਲਾ ਬਾਗ, ਕੱਚਾ ਤਿਹਾੜ, ਸੁਭਾਸ਼ ਨਗਰ, ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਜਥੇਦਾਰ ਹਿੱਤ ਜਿਨ੍ਹਾਂ ਨੇ ਤੜਕੇ ਆਖ਼ਰੀ ਸਾਹ ਲਿਆ ਹੈ, ਉਹ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ। ਉਨ੍ਹਾਂ ਦਾ ਇੰਨੀ ਦਿਨੀਂ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਟਕਰਾਅ ਚੱਲ ਰਿਹਾ ਸੀ ਜਿਸ ਕਰਕੇ ਉਹ ਆਮ ਨਾਲੋਂ ਵੱਧ ਚਰਚਾ ਵਿੱਚ ਸਨ। ਜਥੇਦਾਰ ਹਿੱਤ ਨੇ ਮੌਤ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਰਣਜੀਤ ਸਿੰਘ ਉੱਤੇ ਕਮੇਟੀ ਨੂੰ ਕਰੋੜਾਂ ਦਾ ਚੂਨਾ ਲਗਾਉਣ ਦਾ ਵੱਡਾ ਦੋਸ਼ ਲਾਇਆ ਸੀ। ਅਵਤਾਰ ਸਿੰਘ ਹਿੱਤ ਨੇ ਲੰਬਾ ਸਮਾਂ ਸਿੱਖ ਪੰਥ ਦੀ ਸੇਵਾ ਕੀਤੀ ਅਤੇ ਦਿੱਲੀ ਦੀ ਸਿੱਖ ਸਿਆਸਤ ਵਿਚ ਸਰਗਰਮ ਰਹੇ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਅਵਤਾਰ ਸਿੰਘ ਹਿਤ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਪੰਥ ਤੇ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।

ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ”ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ, DSGMC ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਜੀ ਹਿੱਤ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦੇ ਵਿਛੋੜੇ ਨਾਲ ਪਾਰਟੀ ਅਤੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।”