Punjab Religion

ਬਿਨਾਂ ਕਿਸੇ ਧਾਰਮਿਕ ਸਮਾਗਮ ਤੋਂ ਬਾਬਾ ਟੇਕ ਸਿੰਘ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਹੋਈ ਤਾਜਪੋਸ਼ੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰੀਬ ਇਕ ਮਹੀਨਾ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਬਿਨਾਂ ਕਿਸੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਤਾਜਪੋਸ਼ੀ ਕਰ ਦਿੱਤੀ ਗਈ। ਇਸ ਬਾਬਤ ਕਿਸੇ ਵੀ ਪੱਤਰਕਾਰ ਨੂੰ ਵੀ ਕੋਈ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਕਿਸੇ ਹੋਰ ਨੂੰ ਦੱਸਿਆ ਗਿਆ।

ਬਾਬਾ ਟੇਕ ਸਿੰਘ ਨੂੰ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਧੀਕ ਗ੍ਰੰਥੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੋਂ ਇਲਾਵਾ ਕੁਝ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਜਦੋਂਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦਸਤਾਰ ਭੇਟ ਕੀਤੀ।

ਇਸ ਮੌਕੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਸਬ-ਆਫ਼ਿਸ ਸ. ਭੋਲਾ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਵੱਲੋਂ ਸਿਰੋਪਾਓ ਤੇ ਦਸਤਾਰਾਂ ਭੇਟ ਕੀਤੀਆਂ ਗਈਆਂ।

ਬਾਬਾ ਟੇਕ ਸਿੰਘ ਧਨੌਲਾ ਆਮ ਤੌਰ ਤੇ ਗੋਲ ਦਸਤਾਰ ‘ਚ ਨਜਰ ਆਉਂਦੇ ਸਨ ਪਰ ਅੱਜ ਉਹਨਾਂ ਨੇ ਪਹਿਲੀ ਵਾਰ ਬਿਨਾਂ ਗੋਲਾਈ ਵਾਲੀ ਇਹ ਦਸਤਾਰ ਸਜਾਈ ਹੈ. ਜਿਕਰੇਖਾਸ ਹੈ ਕੇ ਇਸ ਦਸਤਾਰਬੰਦੀ ਸਮਾਗਮ ਨੂੰ ਬਿਨਾਂ ਕਿਸੇ ਅਗਾਊਂ ਜਾਣਕਾਰੀ ਦੇ ਕੀਤਾ ਗਿਆ ਹੈ ਜਿਸ ਤਰਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਰਾਂ ਵੇਲੇ ਕੀਤਾ ਗਿਆ ਸੀ।