ਹਰਿਆਣਾ ‘ਚ ਮੌਸਮ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦੇ ਅੰਸ਼ਕ ਪ੍ਰਭਾਵ ਕਾਰਨ ਜ਼ਿਆਦਾਤਰ ਇਲਾਕਿਆਂ ‘ਚ ਬੱਦਲਵਾਈ ਸ਼ੁਰੂ ਹੋ ਗਈ ਹੈ ਅਤੇ ਕੁਝ ਥਾਵਾਂ ‘ਤੇ ਹਲਕੀ ਬੂੰਦਾ-ਬਾਂਦੀ ਵੀ ਹੋ ਰਹੀ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ‘ਚ ਮਾਮੂਲੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਪਾਣੀਪਤ ਵਿੱਚ ਰਾਤ ਭਰ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਇਸ ਕਾਰਨ ਰਾਤ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿੱਚ ਆਏ ਇਸ ਬਦਲਾਅ ਕਾਰਨ ਲੋਕਾਂ ਨੇ ਇੱਕ ਵਾਰ ਫਿਰ ਤੋਂ ਠੰਢ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ।
ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਖੇਤੀਬਾੜੀ ਮੌਸਮ ਵਿਭਾਗ ਦੇ ਮੁਖੀ ਡਾ: ਮਦਨ ਖਿਚੜ ਨੇ ਦੱਸਿਆ ਕਿ ਸੂਬੇ ਵਿੱਚ 29 ਮਾਰਚ ਤੱਕ ਮੌਸਮ ਦੇ ਬਦਲੇ ਰਹਿਣ ਦੀ ਸੰਭਾਵਨਾ ਹੈ। ਇਸ ਬਦਲਾਅ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ‘ਚ ਬਦਲਾਅ ਹੋਵੇਗਾ। ਮੀਂਹ ਦੇ ਨਾਲ-ਨਾਲ ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਹਰਿਆਣਾ ਤੋਂ ਇਲਾਵਾ ਪੰਜਾਬ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ 3 ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਚੰਡੀਗੜ੍ਹ ‘ਚ ਵੀ ਵਿਭਾਗ ਨੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪੰਚਕੂਲਾ, ਮੋਹਾਲੀ ਅਤੇ ਚੰਡੀਗੜ੍ਹ ‘ਚ ਤੇਜ਼ ਹਵਾਵਾਂ ਦੇ ਨਾਲ ਬੱਦਲ ਛਾਏ ਹੋਏ ਹਨ।