Punjab

ਸਿਮਰਜੀਤ ਬੈਂਸ ਹੁਣ ਆਇਆ ਦਾੜ ਹੇਠ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਨ ਸਭਾ ਹਲਕਾ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਸੈਸ਼ਨ ਕੋਰਟ ਨੇ ਭਗੌੜਾ ਕਰਾਰ ਦੇ ਦਿੱਤਾ ਹੈ। ਬੈਂਸ ਉੱਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ। ਬੈਂਸ ਵੱਲੋਂ ਇਸ ਸਬੰਧੀ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਬੈਂਸ ਦੇ ਅਦਾਲਤ ਵਿੱਚ ਹਾਜ਼ਰ ਨਾ ਹੋਣ ’ਤੇ ਅਦਾਲਤ ਨੇ ਇਹ ਕਾਰਵਾਈ ਕੀਤੀ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਸਿਮਰਜੀਤ ਸਿੰਘ ਬੈਂਸ ਨੂੰ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰ ਸਕਦੀ ਹੈ।

ਜਾਣਕਾਰੀ ਮੁਤਾਬਕ ਸਿਮਰਜੀਤ ਬੈਂਸ ਨੇ ਕਰੋਨਾ ਦੌਰਾਨ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਸੀ। ਉਸ ਵੇਲੇ ਸਰਕਾਰ ਵੱਲੋਂ ਭੀੜ ਇਕੱਠੀ ਕਰਨ ’ਤੇ ਮਨਾਹੀ ਹੋਣ ਦੇ ਬਾਵਜੂਦ ਬੈਂਸ ਨੇ ਇਕੱਠ ਕਰਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਮਗਰੋਂ ਬੈਂਸ ਸਣੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵਲੋਂ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ ਅਤੇ ਮਾਮਲਾ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਭੇਜਿਆ ਗਿਆ ਸੀ। ਮਾਮਲਾ ਅਦਾਲਤ ਵਿਚ ਜਾਣ ਤੋਂ ਬਾਅਦ ਵੀ ਸਿਮਰਜੀਤ ਸਿੰਘ ਬੈਂਸ ਪੇਸ਼ ਨਹੀਂ ਹੋਏ। ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ। ਹੁਣ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਕੋਰੋਨਾ ਦੇ ਸਮੇਂ ਦੌਰਾਨ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੋਵਿਡ ਪ੍ਰੋਟੋਕੋਲ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ।

ਬਲਾਤਕਾਰ ਮਾਮਲੇ ਵਿੱਚ ਵੀ ਬੈਂਸ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਹੋਈ ਹੈ। ਅਦਾਲਤ ਵਿੱਚ ਦੋਵਾਂ ਧਿਰਾਂ ਵਿਚਾਲੇ ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਫੈਸਲਾ 11 ਅਪ੍ਰੈਲ ਤੱਕ ਰਾਖਵਾਂ ਰੱਖ ਲਿਆ ਹੈ।