Punjab

ਬਾਜਵਾ ਨੇ ਖਹਿਰਾ ਲਈ ਮੰਗੀ ਸਕਿਓਰਟੀ , ਰਾਜਪਾਲ ਅੱਗੇ ਰੱਖੇ ਕਈ ਅਹਿਮ ਮੁੱਦੇ…

Bajwa asked for security for Khaira demanded the arrest of this minister of Punjab...

ਚੰਡੀਗੜ੍ਹ :  ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੰਤਰੀ ਦੇ ਵੀਡੀਓ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਬਾਜਵਾ ਨੇ ਕਿਹਾ ਕਿ ਮੇਰੇ ਸਾਥੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕਈ ਅਪਰਾਧਿਕ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਖਹਿਰਾ ਨੇ ਹਾਲ ਹੀ ਵਿੱਚ ਮੰਤਰੀ ਦੇ ਜਿਨਸੀ ਦੁਰਵਿਵਹਾਰ ਦੀ ਇੱਕ ਵੀਡੀਓ ਨੂੰ ਜਨਤਕ ਡੋਮੇਨ ਵਿੱਚ ਲਿਆਂਦਾ ਸੀ ਅਤੇ ਖਹਿਰਾ ਨੇ ਇਹ ਵੀਡੀਓ ਪਿਛਲੇ ਦਿਨੀਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੀ ਸੀ ਤੇ ਚੰਡੀਗੜ੍ਹ ਪੁਲਿਸ ਤੋਂ ਇਸ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਸੀ।

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਸ ਮਾਮਲੇ ਨੂੰ ਲੈ ਕੇ ਇੱਕ ਪੱਤਰ ਵੀ ਲਿਖਿਆ ਗਿਆ ਜਿਸ ਵਿੱਚ ਕਿਹਾ ਗਿਆ ਕਿ ਕੈਬਨਿਟ ਮੰਤਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੇ ਗਵਾਹ ਨੇ ਅਨੁਸੂਚਿਤ ਜਾਤੀ ਕਮਿਸ਼ਨ ਤੱਕ ਪਹੁੰਚ ਕੀਤੀ ਜਿਸ ਤੋਂ ਬਾਅਦ ਪੰਜਾਬ ਮੰਤਰੀ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਲਈ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਗਈ ਹੈ।

ਬਾਜਵਾ ਨੇ ਮੰਗ ਕੀਤੀ ਕਿ ਮੰਤਰੀ ਨੂੰ ਕੈਬਨਿਟ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਤਰੀ ਦੀ ਤੁਰੰਤ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਾਨੂੰ ਪਤਾ ਲੱਗਾ ਹੈ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਦੇ ਕਹਿਣ ‘ਤੇ ਸੁਖਪਾਲ ਸਿੰਘ ਖਹਿਰਾ ਨੂੰ ਡਰਾਉਣ ਅਤੇ ਉਸਦੀ ਆਵਾਜ਼ ਨੂੰ ਦਬਾਉਣ ਲਈ ਦੋ ਹੋਰ ਨਿਰਾਧਾਰ ਅਤੇ ਝੂਠੇ ਅਪਰਾਧਿਕ ਕੇਸ ਦਰਜ ਕਰਨ ਦੀ ਤਿਆਰੀ ਵਿੱਚ ਹੈ।

ਉਨ੍ਹਾਂ ਨੇ ਕਿਹਾ ਕਿ ਖਹਿਰਾ ਦੇ ਖ਼ਿਲਾਫ਼ ਝੂਠੇ ਕੇਸ ਪਾਏ ਜਾ ਰਹੇ ਹਨ। ਬਾਜਵਾ ਨੇ ਸੁਖਪਾਲ ਖਹਿਰਾ ਲਈ ਸਿਕਿਓਰਟੀ ਦੀ ਮੰਗ ਰੱਖੀ ਹੈ। ਇਸਦੇ ਨਾਲ ਉਨਾਂ ਨੇ ਅੰਮ੍ਰਿਤਸਰ ਧਮਾਕਿਆਂ ਦਾ ਮਾਮਲਾ ਵੀ ਰਾਜਪਾਲ ਕੋਲ ਚੁੱਕਿਆ। ਉਨ੍ਹਾਂ ਨੇ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਏਨੀ ਪੁਲਿਸ ਹੋਣ ਦੇ ਬਾਵਜੂਦ ਜੇਕਰ ਅਸੀਂ ਸ਼੍ਰੀ ਹਰਿਮੰਦਰ ਸਾਹਿਬ ਨੂੰ ਹੀ ਨਹੀਂ ਸੁਰੱਖਿਅਤ ਰੱਖ ਸਕਦੇ ਤਾਂ ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਨਾਕਾਮ ਸਾਬਤ ਹੋ ਰਹੀ ਹੈ।