ਚੰਡੀਗੜ੍ਹ : ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਥਿਤ ਤੌਰ ‘ਤੇ ਦਲਿਤ ਵਿਧਾਇਕਾਂ ਬਾਰੇ ਦਿੱਤੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਬਾਜਵਾ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਪ੍ਰਤਾਪ ਬਾਜਵਾ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਦਲਿਤ ਭਾਈਚਾਰਾ ਸਾਡੇ ਸਿਰ ਦਾ ਤਾਜ ਹੈ। ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਇਸ ਭਾਈਚਾਰੇ ਨੂੰ ਆਪਣੇ ਸਿਰ ਦਾ ਤਾਜ ਸਮਝਦੇ ਆ ਰਹੇ ਹਨ।
ਬਾਜਵਾ ਨੇ ਕਿਹਾ ਕਿ ਮੇਰੇ ਦਿੱਤੇ ਗਏ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਜਿਸ ਦਾ ਪੰਜਾਬ ਕਾਂਗਰਸ ਸਮੇਤ ਕਈ ਹੋਰ ਸੀਨੀਅਰ ਆਗੂਆਂ ਨੇ ਇਸ ਦਾ ਵਿਰੋਧ ਕੀਤਾ ਸੀ।
ਬਾਜਵਾ ਨੇ ਕਿਹਾ ਕਿ ਸਾਡਾ ਅੱਜ ਵੀ ਇਹ ਮੰਨਣਾ ਹੈ ਕਿ ਆਮ ਆਦਮੀ ਪਾਰਟੀ RSS ਦੀ B ਟੀਮ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਤੇ ਆਰਐਸਐਸ ਦਾ ਮਨਸੂਬਾ ਕਾਂਗਰਸ ਮੁਕਤ ਭਾਰਤ ਬਣਾਉਣ ਉਸ ਵਿੱਚ ਆਮ ਆਦਮ ਪਾਰਟੀ ਅਹਿਮ ਰੋਲ ਅਦਾ ਕਰਦੀ ਹੈ।
ਉਨ੍ਹਾਂ ਨੇ ਕਿਹਾ ਕਿ ਮੇਰੀ ਸਪੀਚ ਵਿੱਚ ਕੁਝ ਵੀ ਇਤਰਾਜ਼ਯੋਗ ਨਹੀਂ ਸੀ। ਉਨ੍ਹਾਂ ਨੇ ਦੋਹਰੇ ਮਾਪਦੰਡਾਂ ਲਈ ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਕਿ ਮੇਰੀ ਸਾਰੀ ਸਪੀਚ ਕੇਜਰੀਵਾਲ ਦੇ ਝੂਠ ਨੂੰ ਸਾਹਮਣੇ ਲਿਆਉਣ ਦੀ ਸੀ। ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਕਿਹਾ ਕੇ ਜਿਸ ਆਦਮੀ ਨੇ ਆਪਣੇ ਆਪ ਨੂੰ ਆਮ ਆਦਮੀ ਕਿਹਾ ਹੋਵੇ ਉਸ ਆਦਮੀ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ 2.5 ਕਰੋੜ ਦੀਆਂ ਗੱਡੀਆਂ ਦਿੱਤੀਆਂ ਗਈਆਂ ਹਨ ।
ਬਾਜਵਾ ਨੇ ਕਿਹਾ ਕਿ ਬਲਜਿੰਦਰ ਸਿੰਘ ਹਮਦਰਦ ਦੇ ਹੱਕ ਵਿੱਚ ਸਾਰੀਆਂ ਪਾਰਟੀਆਂ ਦੇ ਇਕੱਠੇ ਹੋ ਜਾਣ ਵਾਲੀ ਗੱਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਨਹੀਂ ਪਚੀ। ਉਨ੍ਹਾਂ ਨੇ ਕਿਹਾ ਕਿ ਪ੍ਰੈਸ ਦੀ ਆਜ਼ਾਦੀ ਲਈ ਸੂਬੇ ਦੀ ਹਰ ਪਾਰਟੀ ਹਿੱਕ ਡਾ ਖੜੇਗੀ। ਬਾਜਵਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਸਾਰੇ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਮੇਰੇ ਖ਼ਿਲਾਫ਼ ਇਹ ਸਾਰਾ ਕੰਮ ਆਰੰਭਿਆ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਦਲਿਤ ਨੂੰ ਡਿਪਟੀ CM ਦੇ ਦਾਅਵੇ ਦਾ ਕੀ ਹੋਇਆ ? ਜੋ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ।
ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਪੰਜਾਬ ਸਰਕਾਰ ਨੂੰ ਪੂਰੇ ਸੂਬੇ ਵਿੱਚੋਂ ਕੋਈ ਵੀ ਦਲਿਤ ਆਗੂ ਯੋਗ ਨਹੀਂ ਮਿਲਿਆ ?
ਬਾਜਵਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਦਲਿਤ ਚਿਹਰੇ ਨੂੰ ਮੁੱਖ ਰੱਖਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ।
ਇਸ ਦੇ ਨਾਲ ਹੀ ਬਾਜਵਾ ਨੇ ਕੈਬਨਿਟ ਮੰਤਰੀ ਕਟਾਰੂਚੱਕ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਪੀੜਤ ਵੱਲੋਂ ਵਾਰ ਵਾਰ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਬਾਜਵਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ‘ਇਤਰਾਜ਼ਯੋਗ’ ਵੀਡੀਓ ਮਾਮਲੇ ‘ਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ।
ਬਾਜਵਾ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਅਜਿਹੇ ਕਮਜ਼ੋਰ ਮੁੱਦੇ ਉੱਠਣ ਦੀ ਥਾਂ ਪੰਜਾਬ ਦੇ ਅਸਲ ਮੁੱਦਿਆਂ ‘ਤੇ ਧਿਆਨ ਦੇਣ ਤਾਂ ਜੋ ਪੰਜਾਬ ਤਰੱਕੀ ਦੀ ਰਾਹ ‘ਤੇ ਸਕੇ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਦੁੱਧ ਦਾ ਧੋਤਾ ਕਹਾਉਣ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ।