Punjab

ਕੋਵਿਡ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਹਸਪਤਾਲ ਹੋ ਜਾਣ ਸਾਵਧਾਨ, ਚੁਕਾਉਣੀ ਪੈ ਸਕਦੀ ਹੈ ਵੱਡੀ ਕੀਮਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਬਲਬੀਰ ਸਿੱਧੂ ਨੇ ਇਹ ਫੈਸਲਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਵਰਚੁਅਲ ਮੀਟਿੰਗ ਦੌਰਾਨ ਕੀਤਾ। ਬਲਬੀਰ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਖਿਲਾਫ ਕਈ ਸ਼ਿਕਾਇਤਾਂ ਆ ਰਹੀਆਂ ਹਨ ਕਿ ਇਹ ਹਸਪਤਾਲ ਮਰੀਜ਼ਾਂ ਤੋਂ ਸਰਕਾਰ ਵੱਲੋਂ ਤੈਅ ਕੀਤੀਆਂ ਗਈਆਂ ਕੀਮਤਾਂ ਤੋਂ ਵੱਧ ਪੈਸੇ ਵਸੂਲ ਰਹੇ ਹਨ। ਬਲਬੀਰ ਸਿੱਧੂ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ‘ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨ੍ਹਾਂ ਖਿਲਾਫ ਸਖਤ ਕਾਰਵਾਈ ਲਈ ਮਜ਼ਬੂਰ ਹੋਣਾ ਪਵੇਗਾ। ਬਲਬੀਰ ਸਿੱਧੂ ਨੇ ਕਿਹਾ ਕਿ ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ।

ਬਲਬੀਰ ਸਿੱਧੂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਕਿਸੇ ਵੀ ਮਰੀਜ਼ ਦੀ ਮਜ਼ਬੂਰੀ ਦਾ ਫਾਇਦਾ ਨਾ ਚੁੱਕਣ ਦੀ ਅਪੀਲ ਕੀਤੀ ਹੈ ਅਤੇ ਨਾਲ ਹੀ ਕਿਹਾ ਕਿ ਇਸਨੂੰ ਇੱਕ ਚਿਤਾਵਨੀ ਸਮਝਿਆ ਜਾਵੇ। ਉਨ੍ਹਾਂ ਕਿਹਾ ਕਿ ‘ਇਸ ਔਖੀ ਘੜੀ ਵਿੱਚ ਸਾਡੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦੀ ਇੱਕ ਵਧੀਆ ਉਦਾਹਰਨ ਪੇਸ਼ ਕੀਤੀ ਹੈ ਅਤੇ ਡਾਕਟਰ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਕੁੱਝ ਕਾਲੀਆਂ ਭੇਡਾਂ ਹਨ, ਜੋ ਇਹਨਾਂ ਹਾਲਾਤਾਂ ਦਾ ਗ਼ਲਤ ਫਾਇਦਾ ਚੁੱਕ ਕੇ ਲੋਕਾਂ ਨੂੰ ਠੱਗ ਰਹੀਆਂ ਹਨ। ਸਿੱਧੂ ਨੇ ਅਜਿਹੇ ਗੈਰ-ਕਾਨੂੰਨੀ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਪ੍ਰਭਾਵ ਨਾਲ ਗ਼ਲਤ ਕਾਰਵਾਈਆਂ ਨੂੰ ਬੰਦ ਕਰਨ, ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਬਲਬੀਰ ਸਿੱਧੂ ਨੇ ਹੋਰ ਕੀ ਕਿਹਾ

  • ਬਲਬੀਰ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਦਵਾਈਆਂ ਦੀ ਕਾਲਾ ਬਾਜ਼ਾਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
  • ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਕਮੇਟੀ ਵੱਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਏ ਕੋਵਿਡ ਮਰੀਜ਼ਾਂ ਦੇ ਇਲਾਜ ਦਾ ਆਡਿਟ ਵੀ ਕੀਤਾ ਜਾਵੇਗਾ।
  • ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 ‘ਤੇ ਦਰਜ ਕਰਵਾ ਸਕਦੇ ਹਨ, ਜਿਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
  • ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਸਰਪੰਚਾਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ।