The Khalas Tv Blog India ਖੇਤੀ ਕਾਨੂੰਨ ਲਿਆਉਣ ਵਾਲੀ ਸਿਰਫ਼ ਭਾਜਪਾ ਸਾਡੀ ਦੁਸ਼ਮਣ : ਰਾਜੇਵਾਲ
India Punjab

ਖੇਤੀ ਕਾਨੂੰਨ ਲਿਆਉਣ ਵਾਲੀ ਸਿਰਫ਼ ਭਾਜਪਾ ਸਾਡੀ ਦੁਸ਼ਮਣ : ਰਾਜੇਵਾਲ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਦੇ ਮੂਹਰਲੀ ਕਤਾਰ ਦੇ ਆਗੂ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਮੰਗਲਵਾਰ ਨੂੰ ਦਿੱਤੇ ਇੱਕ ਅਹਿਮ ਬਿਆਨ ਵਿਚ ਕਿਹਾ ਹੈ ਕਿ ਖੇਤੀ ਕਾਨੂੰਨ ਲਿਆਉਣ ਵਾਲੀ ਸਿਰਫ਼ ਭਾਜਪਾ ਜਨਤਾ ਪਾਰਟੀ ਕਿਸਾਨਾਂ ਦੀ ਦੁਸ਼ਮਣ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਕੇਵਲ ਕਾਲੇ ਖ਼ੇਤੀ ਕਾਨੂੰਨ ਲਿਆਉਂਣ ਵਾਲੀ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮਾਂ ਅਤੇ ਇਸ ਦੇ ਆਗੂਆਂ ਦਾ ਵਿਰੋਧ ਕਰਨ ਦਾ ਹੈ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਹੋਰ ਪਾਰਟੀ ਜਾਂ ਕਿਸੇ ਹੋਰ ਪਾਰਟੀ ਦੇ ਆਗੂਆਂ ਦੇ ਵਿਰੋਧ ਦਾ ਕੋਈ ਸੱਦਾ ਨਹੀਂ ਹੈ। ਉਨ੍ਹਾਂ ਆਖ਼ਿਆ ਕਿ ਜਿਹੜਾ ਕੋਈ ਕਿਸੇ ਹੋਰ ਪਾਰਟੀ ਦੇ ਪ੍ਰੋਗਰਾਮਾਂ ਜਾਂ ਆਗੂਆਂ ਦਾ ਵਿਰੋਧ ਕਰ ਰਿਹਾ ਹੈ, ਉਹ ਉਨ੍ਹਾਂ ਦੇ ਆਪਣੇ ਦਿਲ ਦੀ ਪੀੜ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੋਰਚਾ ਇਸ ਦੀ ਪ੍ਰਵਾਨਗੀ ਨਹੀਂ ਦਿੰਦਾ। ਉਨ੍ਹਾਂ ਨੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੋਰਚੇ ਦੇ ਸੱਦੇ ਮੁਤਾਬਕ ਹੀ ਪ੍ਰੋਗਰਾਮ ਚਲਾਉਣ।

ਕਾਫ਼ੀ ਸਮੇਂ ਤੋਂ ਪੰਜਾਬ ਦੇ ਅੰਦਰ ਕਿਸਾਨਾਂ ਵੱਲੋਂ ਭਾਜਪਾ ਦੇ ਨਾਲ-ਨਾਲ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਦਾ  ਜਗ੍ਹਾ ਜਗ੍ਹਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਕਈ ਮੰਤਰੀਆਂ, ਵਿਧਾਇਕਾਂਅਤੇ ਪ੍ਰਮੁੱਖ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਸਣੇ ਕਈ ਅਹਿਮ ਅਕਾਲੀ ਆਗੂਆਂ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Exit mobile version