Punjab

ਬਲਦੇਵ ਸਿੰਘ ਸਿਰਸਾ ਨੇ ਹੱਸੀ ਹਰਿਆਣਾ ਪੁਲਿਸ ਦੇ ਕਿਸਾਨਾਂ ‘ਤੇ ਤਸ਼ੱਦਦ ਦੀ ਕਹਾਣੀ…

ਬਠਿੰਡਾ : ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਅੱਜ ਪਿੰਡ ਬੱਲ੍ਹੋ ਵਿਚ ਹੋ ਰਹੀ ਹੈ ਜਿਸ ਵਿਚ ਹਜ਼ਾਰਾਂ ਕਿਸਾਨਾਂ ਨੇ ਹਾਜ਼ਰੀ ਭਰੀ ਹੈ। ਇਸ ਲਈ ਕਿਸਾਨਾਂ ਵੱਲੋਂ ਪਿੰਡ ਬੱਲ੍ਹੋ ਦੀ ਅਨਾਜ ਮੰਡੀ ਵਿਚ ਵੱਡੇ ਇਕੱਠ ਦੇ ਮੱਦੇਨਜ਼ਰ ਟੈਂਟ ਲਾਏ ਗਏ ਹਨ ਅਤੇ ਲੰਗਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਸੇ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ ਦੇ ਮਨਸੂਬੇ ਬੇਹਦ ਹੀ ਮਾੜੇ ਹਨ ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਕਿ ਲਖੀਮਪੁਰ ਖੀਰੀ ਕਤਲਕਾਂਡ ਦੇ ਮੁੱਖ ਮੁਲਜ਼ਮ ਅਜੈ ਮਿਸ਼ਰਾ ਟੈਨੀ ਨੂੰ ਲੋਕ ਸਭਾ ਸੀਟ ਤੋਂ ਭਾਜਪਾ ਵੱਲੋਂ ਮੁੜ ਤੋਂ ਟਿਕਟ ਦਿੱਤੀ ਗਈ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਹਰਿਆਣਾ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜ਼ਖ਼ਮੀ ਕਿਸਾਨ ਪ੍ਰਿਤਪਾਲ ਸਿੰਘ ਨੂੰ ਹਰਿਆਣਾ ਸਰਕਾਰ ਪੀਜੀਆਈ ਚੰਡੀਗੜ੍ਹ ਤੋਂ ਹਰਿਆਣਾ ਲਿਜਾਣਾ ਚਾਹੁੰਦੀ ਹੈ ਤਾਂ ਜੋ ਜ਼ਖ਼ਮੀ ਨੌਜਵਾਨ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੀ ਬਾਰੇ ਬਿਆਨ ਨਾ ਦੇਵੇ।