ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ ਪਰ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਵੱਡਾ ਫ਼ੈਸਲਾ ਲੈ ਲਿਆ ਗਿਆ ਤੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ।
ਇਸ ਮਾਮਲੇ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਚ ਬੋਲਦਾ ਹੈ ਹੰਕਾਰ ਅਤੇ ਉਸ ਨੂੰ ਅੱਜ ਵੀ ਲੱਗਦਾ ਹੈ ਕਿ ਉਹ ਪੰਜਾਬ ਦਾ ਡਿਪਟੀ CM ਹੈ।
ਉਨ੍ਹਾਂ ਨੇ ਕਿਹਾ ਕਿ ਜੋ ਪੰਥ ਦਾ ਨੁਕਸਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਪਿਤਾ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਉਹ ਕਦੇ ਵੀ ਪੂਰਾ ਨਹੀਂ ਹੋ ਸਕਦਾ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ। ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਵੀ ਪੰਜੇ ਜਥੇਦਾਰ ਸੁਖਬੀਰ ਬਾਦਲ ਪ੍ਰਤੀ ਨਰਮਾਈ ਵਰਤ ਗਏ। ਉਸ ਵੇਲੇ ਹੀ ਸੁਖਬੀਰ ਨੂੰ ਮਿਸਾਲੀ ਸਜ਼ਾ ਸੁਣਾ ਦੇਣੀ ਚਾਹੀਦੀ ਸੀ।
ਦਾਦੂਵਾਲ ਨੇ ਕਿਹਾ ਕਿ ਅੱਜ ਦੇ ਜਥੇਦਾਰ ਤਾਂ ਸੁਖਬੀਰ ਦੀ ਪਾਰਟੀ ਦੇ ਵਰਕਰ ਰਹੇ ਹਨ ਇਸ ਲਈ ਉਹ ਕਦੇ ਵੀ ਸੁਖਬੀਰ ਨੂੰ ਅਕਾਲ ਤਖ਼ਤ ਸਾਹਿਬ ਜਾਂ ਤਖ਼ਤ ਦਮਦਮਾ ਸਾਹਿਬ ਉੱਤੇ ਤਲਬ ਨਹੀਂ ਕਰ ਸਕਣਗੇ। ਇਸ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ ਹੈ।