India Punjab

ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ , ਸੁਪਰੀਮ ਕੋਰਟ ਨੇ ਸੁਣਾਇਆ ਇਹ ਫੈਸਲਾ…

ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ(Balwant Singh Rajoana) ਨੂੰ ਸੁਪਰੀਮ ਕੋਰਟ ਤੋਂ ਅੱਜ ਕੋਈ ਰਾਹਤ ਨਹੀਂ ਮਿਲੀ। ਰਹਿਮ ਦੀ ਪਟੀਸ਼ਨ ‘ਤੇ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਕੀਤੀ । ਜਸਟਿਸ ਬੀ ਆਰ ਗਵਈ, ਜਸਟਿਸ ਵਿਕਰਮ ਨਾਥ ਤੇ ਜਸਟਿਸ ਸੰਜੇ ਕਰੋਲ ਦੀ ਤਿੰਨ ਮੈਂਬਰੀ ਬੈਂਚ ਨੇ ਗ੍ਰਹਿ ਮੰਤਰਾਲੇ ਨੂੰ ਆਖਿਆ ਹੈ ਕਿ ਉਹ ਰਹਿਮ ਦੀ ਅਪੀਲ ’ਤੇ ਆਪਣੇ ਹਿਸਾਬ ਨਾਲ ਫੈਸਲਾ ਲਵੇ।

ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੋਰਟ ਨੇ ਕਿਹਾ ਹੈ ਕਿ ਇਸ ਬਾਰੇ ਕੇਂਦਰ ਸਰਕਾਰ ਸਹੀ ਸਮੇਂ ’ਤੇ ਫ਼ੈਸਲਾ ਲਵੇ। ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਹੇਠ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ।

ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਅਦਾਲਤ ਨੇ ਮਾਮਲੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ, ਕੇਂਦਰ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨੂੰ ਸੁਣਨ ਤੋਂ ਬਾਅਦ ਇਸ ਸਾਲ 02 ਮਾਰਚ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਰਾਜੋਆਣਾ ਨੂੰ ਪੰਜਾਬ ਦੀ ਹੇਠਲੀ ਅਦਾਲਤ ਨੇ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ। ਇਸ ਨੂੰ 2010 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਅੰਤ ਵਿੱਚ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਸੀ।

ਰਾਜੋਆਣਾ ਵੱਲੋਂ ਪੇਸ਼ ਹੋਏ ਭਾਰਤ ਦੇ ਸਾਬਕਾ ਅਟਾਰਨੀ ਜਨਰਲ (ਏਜੀ) ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਸੀ ਕਿ ਮੌਤ ਦੀ ਸਜ਼ਾ ਦੇ ਦੋਸ਼ੀ ਰਾਜੋਆਣਾ 1996 ਤੋਂ ਹੁਣ ਤੱਕ 27 ਸਾਲ ਦੀ ਜੇਲ੍ਹ ਕੱਟ ਚੁੱਕੇ ਹਨ।

ਉਨ੍ਹਾਂ ਦੀ ਰਹਿਮ ਦੀ ਅਪੀਲ SGPC ਵੱਲੋਂ 2012 ਵਿੱਚ ਦਾਇਰ ਕੀਤੀ ਗਈ ਸੀ ਪਰ ਅਜੇ ਤੱਕ ਫੈਸਲਾ ਨਹੀਂ ਹੋਇਆ। ਰੋਹਤਗੀ ਨੇ ਸੁਪਰੀਮ ਕੋਰਟ ਅੱਗੇ ਦਲੀਲ ਰੱਖੀ ਸੀ ਕਿ, ”ਇੱਕ ਕੈਦੀ ਨੂੰ ਇੰਨੇ ਲੰਬੇ ਸਮੇਂ ਤੱਕ ਮੌਤ ਦੀ ਸਜ਼ਾ ‘ਤੇ ਰੱਖਣਾ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਸੁਪਰੀਮ ਕੋਰਟ ਦੇ ਫ਼ੈਸਲੇ ਹਨ ਜਿਸ ਦੇ ਆਧਾਰ ‘ਤੇ ਇਹ ਕਿਹਾ ਜਾ ਸਕਦਾ ਹੈ ਕਿ ਸੰਵਿਧਾਨ ਦੇ ਆਰਟੀਕਲ 21 ਦੇ ਤਹਿਤ ਰਾਜੋਆਣਾ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਹੈ।