ਭਾਰਤ-ਪਾਕਿਸਤਾਨ ਦਰਮਿਆਨ ਬਣੀ ਤਨਾਵਪੂਰਨ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮੋਹਾਲੀ ਨੇ ਜ਼ਰੂਰੀ ਵਸਤਾਂ ਦੇ ਭੰਡਾਰਨ ਤੇ ਜਮ੍ਹਾਖੋਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਹੋਰ ਰੋਜ਼ਾਨਾ ਲੋੜਾਂ ਵਾਂਗ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਰੋਕਣ ਲਈ ਲਗਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਵੱਲੋਂ ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤੂਆਂ ਦੀ ਨਿਰਵਿਘਨ ਉਪਲਬਧਤਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਵਸਤਾਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਦੇ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਰੂਰੀ ਵਸਤਾਂ ਦੇ ਜਮ੍ਹਾਂਖੋਰੀ/ਭੰਡਾਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ।
— DC Mohali (@dcmohali) May 8, 2025
ਇਨ੍ਹਾਂ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ, ਵਪਾਰੀ ਆਦਿ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੈ ਜਿਸ ਵਿੱਚ ਅਨਾਜ, ਪਸ਼ੂਆਂ ਦਾ ਚਾਰਾ, ਦੁੱਧ ਅਤੇ ਡੇਅਰੀ ਪ੍ਰਾਡਕਟ, ਪੈਟਰੋਲ, ਡੀਜ਼ਲ, ਦਵਾਈਆਂ ਆਦਿ ਤੋਂ ਇਲਾਵਾ ਰੋਜਾਨਾ ਜ਼ਰੂਰਤ ਦੀਆਂ ਵਸਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਟਾਕੀਜ਼/ਵਪਾਰੀ ਜ਼ਰੂਰੀ ਵਸਤਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਪਸ਼ੂਆਂ ਦਾ ਚਾਰਾ ਅਤੇ ਹੋਰ ਰੋਜ਼ਮਰਾ ਦੀਆਂ ਜ਼ਰੂਰੀ ਵਸਤਾਂ ਦੀ ਜਮਾਂਖੋਰੀ ਵਿਚ ਲੱਗੇ ਹੋਏ ਹਨ। ਇਸ ਅਨੈਤਿਕ ਅਭਿਆਸ ਨਾਲ ਕੀਮਤਾਂ ਵਿੱਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ, ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ।
ਇਸ ਲਈ, ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤੂਆਂ ਦੀ ਨਿਰਵਿਘਨ ਉਪਲਬਧਤਾ ਨੂੰ ਕਾਇਮ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ।