ਚੰਡੀਗੜ੍ਹ : ਅਸਮਾਨ ਛੂੰਹਦੀਆਂ ਕੀਮਤਾਂ ਕਾਰਨ ਟਮਾਟਰ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ, ਉੱਥੇ ਹੁਣ ਪੰਜਾਬ ਰਾਜ ਭਵਨ ਵਿੱਚ ਵੀ ਇਨ੍ਹਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਟਮਾਟਰਾਂ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਨੇ ਵੱਡਾ ਕਦਮ ਚੁੱਕਿਆ ਹੈ। ਰਾਜਪਾਲ ਬਨ੍ਹਵਾਰੀ ਲਾਲ ਪੁਰੋਹਿਤ ਨੇ ਟਮਾਟਰਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਜਨਤਾ ਨੂੰ ਆ ਰਹੀਆਂ ਮੁਸ਼ਕਲਾਂ ਪ੍ਰਤੀ ਆਪਣੀ ਚਿੰਤਾ ਅਤੇ ਹਮਦਰਦੀ ਪ੍ਰਗਟਾਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਰਾਜ ਭਵਨ ਵਿੱਚ ਟਮਾਟਰਾਂ ਦੀ ਵਰਤੋਂ ‘ਤੇ ਰੋਕ ਲਗਾ ਦਿੱਤੀ ਹੈ।
ਪੰਜਾਬ ਵਿੱਚ ਖਾਣ-ਪੀਣ ਦੀਆਂ ਵਸਤੂਆਂ ਖ਼ਾਸ ਕਰਕੇ ਟਮਾਟਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਪੰਜਾਬ ਦੇ ਲੋਕਾਂ ਦੀ ਸਮੱਸਿਆ ਨੂੰ ਸਮਝਦਿਆਂ ਅਤੇ ਇੱਕਜੁੱਟਤਾ ਦਿਖਾਉਂਦੇ ਹੋਏ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਰਾਜ ਭਵਨ ‘ਚ ਟਮਾਟਰਾਂ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਪੰਜਾਬ ਰਾਜ ਭਵਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਟਮਾਟਰਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਰਾਜਪਾਲ ਪੁਰੋਹਿਤ ਨੇ ਕਿਹਾ ਕਿ ਜੇ ਕਿਸੇ ਵੀ ਚੀਜ਼ ਦੀ ਵਰਤੋਂ ਬੰਦ ਕਰ ਦਿੱਤੀ ਜਾਂਦੀ ਹੈ ਤਾਂ ਮੰਗ ਦੀ ਕਮੀ ਕਾਰਨ ਇਸ ਦੀ ਕੀਮਤ ਹੇਠਾਂ ਆ ਜਾਵੇਗੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਨਾਗਰਿਕਾਂ ਨੂੰ ਸੋਮਿਆਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਕਿਹਾ ਜਾ ਸਕੇ।
ਰਾਜਪਾਲ ਨੇ ਕਿਹਾ ਕਿ ਕਿਸੇ ਵਸਤੂ ਦੀ ਖਪਤ ਨੂੰ ਰੋਕਣ ਜਾਂ ਘਟਾਉਣ ਨਾਲ ਉਸ ਦੀ ਕੀਮਤ ‘ਤੇ ਅਸਰ ਪੈਂਦਾ ਹੈ। ਮੰਗ ਘੱਟ ਹੋਣ ‘ਤੇ ਇਸ ਦੀ ਕੀਮਤ ਆਪਣੇ ਆਪ ਹੇਠਾਂ ਆ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕ ਆਪਣੇ ਘਰਾਂ ਵਿੱਚ ਟਮਾਟਰਾਂ ਦੇ ਹੋਰ ਬਦਲਾਂ ਦੀ ਵਰਤੋਂ ਕਰਕੇ ਟਮਾਟਰ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਘੱਟ ਕਰਨ ਵਿੱਚ ਸਹਿਯੋਗ ਕਰਨਗੇ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੋਕ ਟਮਾਟਰ ਦੀਆਂ ਕੀਮਤਾਂ ‘ਚ ਵਾਧੇ ਕਾਰਨ ਕਾਫ਼ੀ ਪ੍ਰੇਸ਼ਾਨ ਹਨ। ਇਸ ਦੇ ਮੁੱਖ ਕਾਰਨ ਬੇਮੌਸਮੀ ਮੀਂਹ, ਹੜ੍ਹ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਸਪਲਾਈ ਵਿੱਚ ਰੁਕਾਵਟ ਪੈ ਰਹੀ ਸੀ। ਇਸ ਕਾਰਨ ਮੰਡੀ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਅਸਥਿਰਤਾ ਪੈਦਾ ਹੋ ਗਈ ਹੈ।