The Khalas Tv Blog India ਸੁਪਰੀਮ ਕੋਰਟ ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ- ਐਡਵੋਕੇਟ ਧਾਮੀ
India Punjab Religion

ਸੁਪਰੀਮ ਕੋਰਟ ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ- ਐਡਵੋਕੇਟ ਧਾਮੀ

ਅੰਮ੍ਰਿਤਸਰ : ਸੁਪਰੀਮ ਕੋਰਟ ਵੱਲੋਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਦਿੱਤੇ ਨਿਰਦੇਸ਼ਾਂ ਦਾ ਸਵਾਗਤ ਕਰਦਿਆਂ SGPC ਪ੍ਰਧਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਜਾ ਪੂਰੀ ਕਰਨ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੇ ਨਿਰਦੇਸ਼ ਮਾਨਵੀ ਅਧਿਕਾਰਾਂ ਦੀ ਤਰਜਮਾਨੀ ਹਨ।

ਧਾਮੀ ਨੇ ਕੇਂਦਰ ਸਰਕਾਰ ਅਤੇ ਸਬੰਧਤ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਫੈਸਲੇ ਦੀ ਰੌਸ਼ਨੀ ਵਿੱਚ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਕਿਉਂਕਿ ਇਨ੍ਹਾਂ ਨੇ ਉਮਰ ਕੈਦ ਤੋਂ ਵੀ ਦੁਗਣੀਆਂ ਸਜ਼ਾਵਾਂ ਭੁਗਤ ਲਈਆਂ ਹਨ ।

ਉਨ੍ਹਾਂ ਨੇ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ,  ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਦੇਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ ਅਤੇ ਹੋਰਨਾਂ ਨੇ ਕਰੀਬ 30 ਸਾਲਾਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾਇਆ ਹੈ, ਪਰ ਸਰਕਾਰੀ ਨੀਤੀਆਂ ਕਾਰਨ ਉਨ੍ਹਾਂ ਨੂੰ ਰਿਹਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨ ਦੀ ਘੋਰ ਉਲੰਘਣਾ ਹੈ, ਬਲਕਿ ਸਿੱਖ ਭਾਵਨਾਵਾਂ ਨਾਲ ਵੀ ਬੇਇਨਸਾਫ਼ੀ ਹੈ, ਜਿਸ ਨਾਲ ਪੰਜਾਬ ਅਤੇ ਸਿੱਖ ਭਾਈਚਾਰੇ ਵਿੱਚ ਰੋਸ ਵਧ ਰਿਹਾ ਹੈ। ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਇਹ ਬੇਇਨਸਾਫ਼ੀ ਨਿਆਂ ਦੀ ਭਾਵਨਾ ਨੂੰ ਠੇਸ ਪਹੁੰਚਾਉਂਦੀ ਹੈ।

ਪ੍ਰਧਾਨ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਬੰਦੀ ਸਿੰਘਾਂ ਲਈ ਨਿਆਂ ਦਾ ਰਾਹ ਖੋਲ੍ਹਦਾ ਹੈ ਅਤੇ ਸਰਕਾਰਾਂ ਨੂੰ ਇਸ ਨੂੰ ਲਾਗੂ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਸ ਮੁੱਦੇ ਤੇ ਏਕਤਾ ਨਾਲ ਖੜ੍ਹੇ ਰਹਿਣ ਅਤੇ ਨਿਆਂ ਲਈ ਆਵਾਜ਼ ਬੁਲੰਦ ਕਰਨ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਹਰ ਸੰਭਵ ਕਾਨੂੰਨੀ ਕਦਮ ਚੁੱਕੇਗੀ।

Exit mobile version