ਚੰਡੀਗੜ੍ਹ : ਪੰਜਾਬ ਪੁਲਿਸ ਨੇ ਗੁਜਰਾਤ ਦੇ ਅਹਿਮਦਾਬਾਦ ਸਥਿਤ ਫਾਰਮਾਸਿਊਟੀਕਲ ਕੰਪਨੀ ਗਾਲਸ ਫਾਰਮਾਸਿਊਟੀਕਲ ਦੇ ਗੋਦਾਮ ਸਮੇਤ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ 14.72 ਲੱਖ ਤੋਂ ਵੱਧ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਨਸ਼ਿਆਂ ਖ਼ਿਲਾਫ਼ ਕੀਤੀ ਗਈ ਇਸ ਕਾਰਵਾਈ ‘ਚ ਪੁਲਿਸ ਨੇ ਉੱਤਰ ਪ੍ਰਦੇਸ਼, ਦਿੱਲੀ ਅਤੇ ਪੰਜਾਬ ਦੇ ਤਰਨਤਾਰਨ ਤੋਂ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜਾਅਲੀ ਕੰਪਨੀਆਂ ਦੇ ਬਿੱਲਾਂ ਰਾਹੀਂ ਗੁਜਰਾਤ ਤੋਂ ਪਾਬੰਦੀਸ਼ੁਦਾ ਦਵਾਈਆਂ ਦਿੱਲੀ, ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਸਪਲਾਈ ਕਰ ਰਹੇ ਸਨ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਏਡੀਸੀਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਪੁਲੀਸ ਦੀਆਂ ਵੱਖ-ਵੱਖ ਟੀਮਾਂ ਗਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਇਸ ਮਾਮਲੇ ‘ਚ ਵੱਡੀ ਗਿਣਤੀ ‘ਚ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਵਿੱਚੋਂ ਦੋ ਮੁਲਜ਼ਮ ਜੇਲ੍ਹ ਵਿੱਚ ਬੰਦ ਸਨ ਅਤੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ।
ਪੰਜਾਬ ਤੋਂ ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ, ਆਕਾਸ਼ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਵਾਸੀ ਪੱਟੀ ਤਹਿਸੀਲ ਤਰਨਤਾਰਨ ਅਤੇ ਮੇਜਰ ਸਿੰਘ ਵਾਸੀ ਹਰੀਕੇ ਵਜੋਂ ਹੋਈ ਹੈ। ਮੇਜਰ ਸਿੰਘ ਗੋਇੰਦਵਾਲ ਜੇਲ੍ਹ ਵਿੱਚ ਬੰਦ ਸੀ ਅਤੇ ਉੱਥੋਂ ਮੋਬਾਈਲ ਰਾਹੀਂ ਸਾਰਾ ਨੈੱਟਵਰਕ ਚਲਾ ਰਿਹਾ ਸੀ।
ਜਦੋਂ ਪੁਲਿਸ ਨੇ ਮੇਜਰ ਸਿੰਘ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ‘ਚੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਹ ਸਚਿਨ ਕੁਮਾਰ ਵਾਸੀ ਕੋਸੀਕਲਾਂ, ਮਥੁਰਾ, ਉੱਤਰ ਪ੍ਰਦੇਸ਼ ਤੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਜਿਵੇਂ ਹੀ ਪੁਲਿਸ ਨੇ ਸਚਿਨ ਨੂੰ ਹਿਰਾਸਤ ਵਿੱਚ ਲਿਆ ਤਾਂ ਉਸ ਨੇ ਦੱਸਿਆ ਕਿ ਮਾਨਸਾ ਜੇਲ੍ਹ ਵਿੱਚ ਬੰਦ ਉਸ ਦਾ ਦੋਸਤ ਯੋਗੇਸ਼ ਉਰਫ਼ ਰਿੰਕੂ ਵੀ ਮੋਬਾਈਲ ਰਾਹੀਂ ਗੁਜਰਾਤ ਦੀ ਦਵਾਈ ਕੰਪਨੀ ਤੋਂ ਪਾਬੰਦੀਸ਼ੁਦਾ ਦਵਾਈਆਂ ਮੰਗਵਾ ਰਿਹਾ ਹੈ।
ਸਚਿਨ ਅਤੇ ਯੋਗੇਸ਼ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਦਿੱਲੀ ਨਿਵਾਸੀ ਰੇਖਾ ਅਤੇ ਉਸ ਦੇ ਸਾਥੀ ਮਨੀਸ਼ ਨੂੰ ਹਿਰਾਸਤ ‘ਚ ਲੈ ਲਿਆ। ਪੁੱਛਗਿੱਛ ਤੋਂ ਬਾਅਦ ਪੁਲਸ ਨੇ ਕੰਪਨੀ ਦੇ ਅਹਾਤੇ ‘ਤੇ ਛਾਪਾ ਮਾਰ ਕੇ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ।
ਕੁਝ ਦਿਨ ਪਹਿਲਾਂ ਅੰਮ੍ਰਿਤਸਰ ਪੁਲਿਸ ਨੇ ਇੱਕ ਨੌਜਵਾਨ ਪ੍ਰਿੰਸ ਨੂੰ ਪਾਬੰਦੀਸ਼ੁਦਾ ਦਵਾਈਆਂ ਸਮੇਤ ਕਾਬੂ ਕੀਤਾ ਸੀ। ਮੁਲਜ਼ਮ ਨੇ ਦੱਸਿਆ ਸੀ ਕਿ ਉਹ ਉਕਤ ਦਵਾਈਆਂ ਆਕਾਸ਼ ਸਿੰਘ ਤੋਂ ਖਰੀਦ ਕੇ ਸਪਲਾਈ ਕਰਦਾ ਹੈ। ਇਸ ਤੋਂ ਬਾਅਦ ਪੁਲਿਸ ਨੇ ਆਕਾਸ਼ ਨੂੰ ਹਿਰਾਸਤ ‘ਚ ਲੈ ਕੇ ਉਸ ਦੇ ਕਬਜ਼ੇ ‘ਚੋਂ 18 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਇਸ ਤੋਂ ਬਾਅਦ ਹੀ ਪੁਲਿਸ ਜਾਂਚ ਨੇ ਉਕਤ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ।