The Khalas Tv Blog Punjab ਬਰਗਾੜੀ ਮੋਰਚਾ-ਮੁਤਵਾਜ਼ੀ ਜਥੇਦਾਰ ਨੇ ਕੀਤਾ CM ਅਮਰਿੰਦਰ ਸਿੰਘ ਤਲਬ
Punjab

ਬਰਗਾੜੀ ਮੋਰਚਾ-ਮੁਤਵਾਜ਼ੀ ਜਥੇਦਾਰ ਨੇ ਕੀਤਾ CM ਅਮਰਿੰਦਰ ਸਿੰਘ ਤਲਬ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਰਗਾੜੀ ਮੋਰਚੇ ਵਿਚ ਹੁਣ ਤੱਕ ਨਿਆਂ ਨਾ ਦੇਣ ਦੇ ਦੋਸ਼ ਹੇਠ ਤਲਬ ਕੀਤਾ ਹੈ।ਜਾਣਕਾਰੀ ਅਨੁਸਾਰ ਕੈਪਟਨ ਨੂੰ 20 ਸਤੰਬਰ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।

ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਪਹਿਲਾਂ ਵੀ 20 ਅਗਸਤ ਨੂੰ ਪੰਜਾਬ ਸਰਕਾਰ ਦੇ ਪੰਜ ਨੁਮਾਇੰਦਿਆਂ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ ਹੁਣ ਤੱਕ ਕਾਰਵਾਈ ਨਾ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਸੀ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਨੁਮਾਇੰਦਿਆਂ ਦੇ ਦੋਸ਼ਾਂ ਹੇਠ ਹੁਣ 20 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।ਇਸ ਤੋਂ ਪਹਿਲਾਂ ਮੁਤਵਾਜ਼ੀ ਜਥੇਦਾਰ ਨੇ ਦੋ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਤਿੰਨ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਨੂੰ ਵੀ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਸਪੱਸ਼ਟੀਕਰਨ ਵਿੱਚ ਸਰਕਾਰ ਦੇ ਨੁਮਾਇੰਦਿਆਂ ਨੇ ਕਿਹਾ ਹੈ ਕਿ ਬਰਗਾੜੀ ਮੋਰਚਾ ਖਤਮ ਕਰਨ ਸਮੇਂ ਦਿੱਤਾ ਗਿਆ ਭਰੋਸਾ ਮੁੱਖ ਮੰਤਰੀ ਵੱਲੋਂ ਕਹਿਣ ’ਤੇ ਹੀ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਪੰਜ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਸਬੰਧੀ ਫੈਸਲਾ ਹਾਲ ਦੀ ਘੜੀ ਰਾਖਵਾਂ ਰੱਖਿਆ ਗਿਆ ਹੈ।ਮੁੱਖ ਮੰਤਰੀ ਵੱਲੋਂ ਸਪਸ਼ਟੀਕਰਨ ਦੇਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version