Punjab

ਅਕਾਲੀ ਦਲ ’ਚ ਸ਼ਾਮਲ ਹੋਏ ਬਰਜਿੰਦਰ ਸਿੰਘ ਮੱਖਣ

ਸਾਬਕਾ ਮੰਤਰੀ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਛੱਡ ਕੇ ਮੁੜ ਤੋਂ ਅਕਾਲੀ ਦਲ ਵਿੱਚ ਵਾਪਸ ਸ਼ਾਮਲ ਹੋ ਗਏ ਹਨ। ਮੱਖਣ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ।

ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇੱਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਪਿੰਡ ਬਾਦਲ ਵਿਖੇ ਸ.ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ॥ਇਸ ਮੌਕੇ ਜ਼ਿਲ੍ਹਾ ਮੋਗਾ ਦੀ ਸਮੁੱਚੀ ਜਥੇਬੰਦੀ ਨਾਲ ਮੌਜੂਦ ਰਹੀ।

ਬੀਤੇ ਦਿਨੀਂ ਹੀ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਆਲੀ ਉੱਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਇਨ੍ਹਾਂ ਲੋਕਾਂ ਨੇ ਪੰਥ ਅਤੇ ਪੰਜਾਬ ਨੂੰ ਗੁਮਰਾਹ ਕੀਤਾ ਹੈ। ਉਨ੍ਹਾਂ ਅਕਾਲ ਤਖ਼ਤ ਦੇ ਨਾਮ ਤੇ ਕੌਮ ਨੂੰ ਭਾਵੁਕ ਕਰਕੇ ਵੱਡੀ ਸਾਜ਼ਿਸ਼ ਰਚਣ ਦਾ ਇਲਜ਼ਾਮ ਵੀ ਲਗਾਇਆ ਸੀ ਅਤੇ ਇਸ ਨੂੰ ਕੇਂਦਰੀ ਤਾਕਤਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦੱਸਿਆ ਸੀ।ਬਰਜਿੰਦਰ ਸਿੰਘ ਮੱਖਣ ਬਰਾੜ ਦੀ ਇਸ ਵਾਪਸੀ ਨਾਲ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਇੱਕ ਵੱਡਾ ਝਟਕਾ ਲੱਗਿਆ ਹੈ।