Punjab

ਬਠਿੰਡਾ ‘ਚ ਸਿਹਤ ਮੁਲਾਜ਼ਮਾਂ ਦੀ ਭੁੱਖ ਹੜਤਾਲ ਜਾਰੀ, ਮੰਗਾਂ ਪੂਰੀਆਂ ਨਾ ਹੋਣ ‘ਤੇ ਮੋਤੀ ਮਹਿਲ ਦਾ ਕਰਾਂਗੇ ਘਿਰਾਓ

‘ਦ ਖ਼ਾਲਸ ਬਿਊਰੋ :- ਕੱਚੇ ਕਾਮਿਆਂ ਨੂੰ ਪੱਕੇ ਕਰੋ’ ਦੀ ਮੰਗ ਨੂੰ ਲੈ ਕੇ ਸਿਹਤ ਮੁਲਾਜ਼ਮਾਂ ਵੱਲੋਂ ਸੰਘਰਸ਼ ਕਮੇਟੀ ਦੇ ਸੱਦੇ ’ਤੇ ਬਠਿੰਡਾ ਦੇ ਸਿਵਲ ਹਸਪਤਾਲ ‘ਚ 24 ਜੁਲਾਈ ਤੋਂ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਹੈ। ਸੰਘਰਸ਼ ਕਮੇਟੀ ਨੇ ਦੱਸਿਆ ਕਿ ਸਿਹਤ ਡਾਇਰੈਕਟਰ, ਸਿਹਤ ਮੰਤਰੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਗਾਤਾਰ ਮੰਗ ਪੱਤਰ ਭੇਜੇ ਜਾ ਰਹੇ ਹਨ, ਪਰ ਸਰਕਾਰ ਨੇ ਸਿਹਤ ਕਾਮਿਆਂ ਦੇ ਮਸਲੇ ਨੂੰ ਹੱਲ ਕਰਨ ਦੀ ਬਜਾਏ ਚੁੱਪੀ ਧਾਰੀ ਹੋਈ ਹੈ।

ਸੰਘਰਸ਼ ਕਮੇਟੀ ਨੇ ਕਿਹਾ ਕਿ ਜਦੋਂ ਤੱਕ NHM ਤੇ ਠੇਕਾ ਅਧਾਰਿਤ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 6 ਅਗਸਤ ਤੱਕ ਮਲਟੀਪਰਪਜ਼ ਕਾਮਿਆਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਤਾਂ ਮੁੱਖ ਮੰਤਰੀ ਕੈਪਟਨ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।

ਇਸ ਭੁੱਖ ਹੜਤਾਲ ‘ਚ ਬਲਾਕ ਭਗਤਾ ਦੇ ਮਲਕੀਤ ਸਿੰਘ ਪ੍ਰਧਾਨ, ਮਨਪ੍ਰੀਤ ਕੌਰ, ਕੁਲਦੀਪ ਸਿੰਘ, ਮਨਦੀਪ ਰਾਣੀ ਤੇ ਅਮ੍ਰਿਤਪਾਲ ਕੌਰ ਨੇ ਹਿੱਸਾ ਲਿਆ।