Punjab

ਬਠਿੰਡਾ ਦੇ ਹਸਪਤਾਲਾਂ ਨੇ ਕਰੋਨਾ ਮਰੀਜ਼ਾਂ ਤੋਂ ਫੇਰਿਆ ਮੂੰਹ, ਪੜ੍ਹੋ ਕੀ ਹੈ ਮਜ਼ਬੂਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੇ ਪੰਜਾਬ ਵਿੱਚ ਕੇਸ ਲਗਾਤਾਰ ਵੱਧ ਰਹੇ ਹਨ ਅਤੇ ਸੂਬੇ ਵਿੱਚ ਆਕਸੀਜਨ ਅਤੇ ਕਰੋਨਾ ਵੈਕਸੀਨ ਦੀ ਘਾਟ ਕਾਰਨ ਕਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਹਸਪਤਾਲਾਂ ਵਿੱਚ ਤਾਂ ਕਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਬੈੱਡ ਵੀ ਨਹੀਂ ਮਿਲ ਰਿਹਾ, ਜਿਸ ਕਰਕੇ ਉਨ੍ਹਾਂ ਦਾ ਇਲਾਜ ਨਾ ਹੋਣ ਕਾਰਨ ਉਨ੍ਹਾਂ ਦੀਆਂ ਮੌਤਾਂ ਹੋ ਰਹੀਆਂ ਹਨ।

ਬਠਿੰਡਾ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲ ਆਕਸੀਜਨ ਦੀ ਘਾਟ ਕਾਰਨ ਨਵੇਂ ਕਰੋਨਾ ਮਰੀਜ਼ਾਂ ਨੂੰ ਦਾਖਲ ਕਰਨ ਤੋਂ ਇਨਕਾਰ ਕਰ ਰਹੇ ਹਨ। ਪ੍ਰਾਈਵੇਟ ਹਸਪਤਾਲਾਂ ਵਿੱਚ ਆਕਸੀਜਨ ਸਪਲਾਈ ਦੀ ਘਾਟ ਕਾਰਨ ਕੋਵਿਡ-19 ਦੇ ਮਰੀਜ਼ਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਕਸੀਜਨ ਦੀ ਕਮੀ ਕਾਰਨ ਕਈ ਹਸਪਤਾਲਾਂ ਨੇ ਅੱਜ ਨਵੇਂ ਦਾਖਲੇ ਬੰਦ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਬਠਿੰਡਾ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ਨੇ ਕੱਲ੍ਹ 20 ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਕਾਰਨ ਦਾਖਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ।