‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :– ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਖਰੀਦ ਕੇਂਦਰਾਂ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਜਾ ਰਹੀ ਹੈ। ਖੁਰਾਕ ਅਤੇ ਸਪਲਾਈ ਵਿਭਾਗ ਨੇ ਪੰਜਾਬ ਦੇ ਡੀਜੀਪੀ ਨੂੰ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਵਿੱਚ ਵਾਢੀ ਦੇ ਸਮੇਂ ਦੌਰਾਨ ਖਰੀਦ ਕੇਂਦਰਾਂ ਵਿੱਚ ਪੁਲਿਸ ਸੁਰੱਖਿਆ ਲਈ ਇੱਕ ਪੱਤਰ ਲਿਖਿਆ ਹੈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕੱਲ੍ਹ ਤੋਂ ਹਾੜ੍ਹੀ ਦੇ ਸੀਜ਼ਨ 2021-22 ਦੀ ਫਸਲ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਸੂਬੇ ਦੀਆਂ ਮੰਡੀਆਂ ਵਿੱਚ 130 ਲੱਖ ਟਨ ਕਣਕ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਕਰੋਨਾਵਾਇਰਸ ਦੀ ਰੋਕਥਾਮ ਲਈ ਮੰਡੀਆਂ ਵਿੱਚ ਟੋਕਨ ਸਿਸਟਮ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾਏ ਰੱਖਣ ਲਈ ਮੰਡੀਆਂ ਵਿੱਚ 2 ਮੀਟਰ ਦਾ ਫਾਸਲਾ ਰੱਖਦੇ ਹੋਏ 30-30 ਫੁੱਟ ਦੇ ਬੌਕਸ ਬਣਾਏ ਗਏ ਹਨ, ਜਿਨ੍ਹਾਂ ਵਿੱਚ ਹੀ ਕਣਕ ਦੀ ਢੇਰੀ ਉਤਾਰੀ ਜਾਵੇਗੀ। ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾਂ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਹਾੜ੍ਹੀ ਦੇ ਸੀਜ਼ਨ 2021-22 ਦੌਰਾਨ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਆਨਲਾਈਨ ਵਿਧੀ ਰਾਹੀਂ ਕੀਤੀ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਇਨ੍ਹਾਂ ਖਰੀਦ ਕੇਂਦਰਾਂ ਵਿੱਚ ਸੀਜ਼ਨ ਦੌਰਾਨ ਸੁਰੱਖਿਆ ਦਾ ਪ੍ਰਬੰਧ ਕਰਨ ਲਈ ਇੱਕ ਪੱਤਰ ਲਿਖਿਆ ਜਾ ਚੁੱਕਾ ਹੈ। ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਅਤੇ ਹਰ ਮੰਡੀ ’ਚ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਈਆਂ ਗਈਆਂ ਹਨ।