The Khalas Tv Blog Punjab ਜਲੰਧਰ ‘ਚ ਜ਼ਿਮਨੀ ਚੋਣਾਂ ਚੋਂ ਪਹਿਲਾਂ ਭਾਜਪਾ ਦੀ ਸ਼ਿਕਾਇਤ ‘ਤੇ ਕਾਰਵਾਈ, ਗੈਂਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ
Punjab

ਜਲੰਧਰ ‘ਚ ਜ਼ਿਮਨੀ ਚੋਣਾਂ ਚੋਂ ਪਹਿਲਾਂ ਭਾਜਪਾ ਦੀ ਸ਼ਿਕਾਇਤ ‘ਤੇ ਕਾਰਵਾਈ, ਗੈਂਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ

ਜਲੰਧਰ : 10 ਜੁਲਾਈ ਨੂੰ ਜਲੰਧਰ ਉਪ ਚੋਣ ਦੀ ਵੋਟਿੰਗ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਬਦਨਾਮ ਗੈਂਗਸਟਰ ਦਲਜੀਤ ਸਿੰਘ ਭਾਨਾ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ। ਅਜਿਹੇ ‘ਚ ਚੋਣ ਕਮਿਸ਼ਨ ਵੱਲੋਂ ਉਕਤ ਸ਼ਿਕਾਇਤ ‘ਤੇ ਕਾਰਵਾਈ ਕੀਤੀ ਗਈ ਹੈ।

ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਾਂਗਰਸ ਨੇ ਭਾਨਾ ਦੀ ਪੈਰੋਲ ਰੱਦ ਕਰਨ ਲਈ ਕਮਿਸ਼ਨ ਵਿੱਚ ਸ਼ਿਕਾਇਤ ਵੀ ਕੀਤੀ ਸੀ।

ਵੋਟਾਂ ਤੋਂ ਦੋ ਦਿਨ ਪਹਿਲਾਂ ਡੀਸੀ ਨੇ ਕੀਤੀ ਕਾਰਵਾਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਹੈ। ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਉਪ ਚੋਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।

ਉਹ ਕਈ ਕਤਲ ਕੇਸਾਂ ਵਿੱਚ ਜੇਲ੍ਹ ਵਿੱਚ ਸੀ, ਪੈਰੋਲ ਮਿਲਣ ਤੋਂ ਬਾਅਦ ਹੁਣ ਉਹ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ। ਭਾਜਪਾ ਨੇ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਭਾਨਾ ਵੋਟਰਾਂ ਨੂੰ ਡਰਾ ਧਮਕਾ ਰਿਹਾ ਹੈ, ਜਿਸ ਨਾਲ ਵੱਖ-ਵੱਖ ਪਾਰਟੀਆਂ ਦਾ ਨੁਕਸਾਨ ਹੋ ਰਿਹਾ ਹੈ।

ਪੈਰੋਲ ਰੱਦ ਕਰਨ ਦੀ ਕੀਤੀ ਗਈ ਸੀ ਮੰਗ

ਭਾਜਪਾ ਦੀ ਸ਼ਿਕਾਇਤ ਅਨੁਸਾਰ ਕਈ ਕਤਲ ਕੇਸਾਂ ਵਿੱਚ ਸ਼ਾਮਲ ਭਾਨਾ ਪੁਲਿਸ ਸੁਰੱਖਿਆ ਨਾਲ ਇਲਾਕੇ ਵਿੱਚ ਸ਼ਰੇਆਮ ਘੁੰਮ ਰਿਹਾ ਹੈ। ਜਿਸ ਕਾਰਨ ਵੋਟਰਾਂ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਦੀ ਦਲੀਲ ਹੈ ਕਿ ਇਹ ਕਾਰਵਾਈ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਜਪਾ ਨੇ ਚਿੰਤਾ ਜ਼ਾਹਰ ਕੀਤੀ ਕਿ ਭਾਨਾ ਦੀ ਰਿਹਾਈ ਨਾਲ ਪੋਲਿੰਗ ਵਾਲੇ ਦਿਨ ਬੂਥ ਕੈਪਚਰਿੰਗ ਹੋ ਸਕਦੀ ਹੈ।

ਪਾਰਟੀ ਨੇ ਚੋਣ ਕਮਿਸ਼ਨ ਤੋਂ ਭਾਨਾ ਦੀ ਪੈਰੋਲ ਰੱਦ ਕਰਨ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਤੋਂ ਮੌਜੂਦਾ ਸਾਂਸਦ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਵੀ ਮੀਡੀਆ ਸਾਹਮਣੇ ਭਾਣੇ ਦਾ ਮਾਮਲਾ ਉਠਾਇਆ ਸੀ।

Exit mobile version