‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਿੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਸਿੱਖ ਜਥੇਬੰਦੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਹਾਈਕੋਰਟ ਦੇ ਫੈਸਲੇ ਦਾ ਵਿਰੋਧ ਕੀਤਾ।
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਜਦੋਂ ਸਾਰੇ ਪਾਸਿਆਂ ਤੋਂ ਹਾਰ ਜਾਈਏ ਤਾਂ ਉਦੋਂ ਪਰਮਾਤਮਾ ਦਾ ਕੋਟ ਆਸਰਾ ਹੁੰਦਾ ਹੈ। ਪੰਜਾਬ ਦੇ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲੇ ਹਨ। ਪੰਜਾਬ ਦੇ ਲੋਕ ਰਾਜਨੀਤੀ ਨੂੰ ਵੀ ਸਮਝਦੇ ਹਨ। ਸਾਨੂੰ ਦਸ਼ਮੇਸ਼ ਪਿਤਾ ਦਾ ਹੁਕਮ ਹੈ ਕਿ ਰਾਜਨੀਤੀ ਪੜ੍ਹਨੀ ਅਤੇ ਸਮਝਣੀ ਹੈ। ਸਾਨੂੰ ਰਾਜਨੀਤੀ ਦੀ ਸਾਰੀ ਸਮਝ ਹੈ। ਜੇ ਸਰਕਾਰ ਇਨਸਾਫ ਨਹੀਂ ਦੇਵੇਗੀ ਤਾਂ ਪਰਮਾਤਮਾ ਇਨਸਾਫ ਦੇਵੇਗਾ’।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 10 ਅਪ੍ਰੈਲ ਨੂੰ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਅਤੇ ਪੰਜਾਬ ਸਰਕਾਰ ਨੂੰ ਨਵੀਂ ਐੱਸਆਈਟੀ ਬਣਾਉਣ ਦੇ ਹੁਕਮ ਦਿੱਤੇ ਸਨ, ਜਿਸ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ਾਮਿਲ ਨਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਸ ਮਾਮਲੇ ਦੀ ਵਕਾਲਤ ਕਰਨ ਦਾ ਫੈਸਲਾ ਲਿਆ ਹੈ।