Punjab

ਬਹਿਬਲ ਕਲਾ ਗੋਲੀਕਾਂਡ – ਨਵੀਂ ਐੱਸਆਈਟੀ ਲਈ ਨਹੀਂ ਮਿਲ ਰਿਹਾ ਕੋਈ ਪੁਲਿਸ ਅਧਿਕਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੱਤਾ ਧਿਰ ਪਾਰਟੀ ਅੱਗੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਦਾ ਕੰਮ ਮੁਕੰਮਲ ਕਰਨ ਦੀ ਚੁਣੌਤੀ ਖੜ੍ਹੀ ਹੋ ਗਈ ਹੈ ਕਿਉਂਕਿ ਚੋਣਾਂ ਨਜ਼ਦੀਕ ਹੋਣ ਕਾਰਨ ਜ਼ਿਆਦਾਤਰ ਪੁਲਿਸ ਅਫ਼ਸਰਾਂ ਵੱਲੋਂ ਨਵੀਂ ਗਠਨ ਹੋਣ ਵਾਲੀ ਐੱਸਆਈਟੀ ਤੋਂ ਲਾਂਭੇ ਰਹਿਣ ਲਈ ਹੁਣ ਤੋਂ ਹੀ ਸਰਕਾਰ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਦੀ ਅਗਵਾਈ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਆਪਣੀ ਨੌਕਰੀ ਤੋਂ ਅਸਤੀਫਾ ਦੇਣ ‘ਤੇ ਅੜੇ ਹੋਏ ਹਨ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨਾਲ ਮੀਟਿੰਗ ਕੀਤੀ। ਵਿਧਾਨ ਸਭਾ ਦੇ ਸਪੀਕਰ ਨੇ ਇਸ ਮੀਟਿੰਗ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਮੀਟਿੰਗ ਸ਼ਿਸ਼ਟਾਚਾਰੀ ਮਿਲਣੀ ਸੀ ਅਤੇ ਕੋਈ ਹੋਰ ਖਾਸ ਗੱਲਬਾਤ ਨਹੀਂ ਹੋਈ।

ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਸੀਨੀਅਰ ਲੀਡਰ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਬਾਦਲ ਪਰਿਵਾਰ ਅਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਜਾਂਚ ਟੀਮ ਦੇ ਮੁਖੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇਣਾ ਕੈਪਟਨ ਅਤੇ ਬਾਦਲਾਂ ਦੀ ਮਿਲੀਭੁਗਤ ਦਾ ਨਤੀਜਾ ਹੈ। ਕੈਪਟਨ ਅਤੇ ਬਾਦਲ ਪਹਿਲਾਂ ਹੀ ਵਿਜੇ ਪ੍ਰਤਾਪ ਸਿੰਘ ਨੂੰ ਇਸ ਮਾਮਲੇ ਦੀ ਜਾਂਚ ਤੋਂ ਹਟਾਉਣਾ ਚਾਹੁੰਦੇ ਸਨ ਅਤੇ ਹੁਣ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਖੁਦ ਹੀ ਅਸਤੀਫ਼ਾ ਦੇਣ ਨਾਲ ਦੋਹਾਂ ਦੇ ਮਨਸੂਬੇ ਕਾਮਯਾਬ ਹੋ ਗਏ ਹਨ।

ਪਰਮਿੰਦਰ ਸਿੰਘ ਢੀਂਡਸਾ ਨੇ ਕੈਪਟਨ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਅਦਾਕਾਰ ਅਕਸ਼ੇ ਕੁਮਾਰ ਸਮੇਤ ਹੋਰ ਸ਼ਖਸੀਅਤਾਂ ਨੂੰ ਜਾਂਚ ਵਿੱਚ ਸ਼ਾਮਲ ਕਰਨ ਦੇ ਬਾਵਜੂਦ ਕੋਟਕਪੂਰਾ ਗੋਲੀ ਕਾਂਡ ਦੀ ਸੱਚਾਈ ਲੋਕਾਂ ਸਾਹਮਣੇ ਕਿਉਂ ਨਹੀਂ ਆ ਸਕੀ ਹੈ ਅਤੇ ਸਿਟ ਦੇ ਮੁਖੀ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ ਹੈ।