Punjab

ਬਹਿਬਲ ਕਲਾ ਗੋਲੀਕਾਂਡ – ਪੁਲਿਸ ਅਧਿਕਾਰੀਆਂ ਨੂੰ ਵੀ ਹੈ IG ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ‘ਤੇ ਸ਼ੱਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਨੂੰ ਰੱਦ ਕਰਨ ਮਗਰੋਂ ਬਹਿਬਲ ਕਲਾ ਗੋਲੀਕਾਂਡ ਵਿੱਚ ਨਾਮਜ਼ਦ ਅੱਧੀ ਦਰਜਨ ਪੁਲਿਸ ਅਧਿਕਾਰੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਰਿੱਟ ਦਾਇਰ ਕੀਤੀ ਹੈ, ਜਿਸ ਵਿੱਚ ਬਹਿਬਲ ਕਲਾ ਗੋਲੀਕਾਂਡ ਦੀ ਸਮੁੱਚੀ ਪੜਤਾਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਵਿੱਚ ਇਸ ਰਿੱਟ ‘ਤੇ 20 ਅਪ੍ਰੈਲ ਨੂੰ ਸੁਣਵਾਈ ਹੋਵੇਗੀ।

ਪੰਜਾਬ ਸਰਕਾਰ ਬਹਿਬਲ ਕਲਾ ਗੋਲੀਕਾਂਡ ਦੀ ਰਿਪੋਰਟ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ, ਜਿਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕੋਰਟ ਦੇ ਫੈਸਲੇ ਨੂੰ ਸਰਬਉੱਚ ਅਦਾਲਤ ਵਿੱਚ ਚੁਣੌਤੀ ਦੇਣ ਦਾ ਦਾਅਵਾ ਕੀਤਾ ਸੀ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਾਲੀ ਜਾਂਚ ਰਿਪੋਰਟ ਪੂਰੀ ਤਰ੍ਹਾਂ ਨਿਰਪੱਖ ਅਤੇ ਤੱਥਾਂ ’ਤੇ ਆਧਾਰਿਤ ਹੋਣ ਦਾ ਦਾਅਵਾ ਕੀਤਾ ਸੀ ਅਤੇ ਕਿਹਾ ਸੀ ਕਿ ਮੁਲਜ਼ਮਾਂ ਨੂੰ ਜਾਂਚ ਅਧਿਕਾਰੀ ਬਦਲਣ ਦੀ ਮੰਗ ਕਰਨ ਦਾ ਕੋਈ ਸੰਵਿਧਾਨ ਹੱਕ ਨਹੀਂ ਹੈ।

ਜਾਣਕਾਰੀ ਮੁਤਾਬਕ ਆਈਜੀ ਵਿਜੇ ਪ੍ਰਤਾਪ ਦੀ ਚਾਰਜਸ਼ੀਟ 15 ਅਪ੍ਰੈਲ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤੀ ਜਾਣੀ ਸੀ, ਜਿਸ ਵਿੱਚ ਪੰਜਾਬ ਦੇ ਚੋਟੀ ਦੇ ਸਿਆਸੀ ਲੀਡਰਾਂ ਦੇ ਨਾਮ ਸ਼ਾਮਿਲ ਸਨ ਪਰ ਇਸ ਤੋਂ ਪਹਿਲਾਂ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਟੀਮ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਗਿਆ ਹੈ, ਜਿਸ ਕਰਕੇ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਹੋਣ ਦੀ ਸੰਭਾਵਨਾ ਘੱਟ ਗਈ ਹੈ।