Punjab

ਬਹਿਬਲ ਕਲਾ ਗੋਲੀਕਾਂਡ – ਦੋਸ਼ੀਆਂ ਖਿਲਾਫ ਤਿਆਰ ਚਲਾਨ ਅਦਾਲਤ ‘ਚ ਕਿਉਂ ਨਹੀਂ ਹੋਵੇਗਾ ਪੇਸ਼

‘ਦ ਖ਼ਾਲਸ ਬਿਊਰੋ :- ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਟੀਮ ਵੱਲੋਂ ਤਿਆਰ ਕੀਤਾ ਗਿਆ ਅਹਿਮ ਅਤੇ ਆਖਰੀ ਚਲਾਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇਗਾ। ਕੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਸਤੀਫ਼ਾ ਦੇਣ ਮਗਰੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਵਿਜੇ ਪ੍ਰਤਾਪ ਸਿੰਘ ਨੇ 15 ਮਾਰਚ ਨੂੰ ਕੋਟਕਪੂਰਾ ਅਤੇ ਬਹਿਬਲ ਕਲਾ ਗੋਲੀ ਕਾਂਡ ਦਾ ਆਖ਼ਰੀ ਚਲਾਨ ਤਿਆਰ ਕਰਨ ਦਾ ਦਾਅਵਾ ਕੀਤਾ ਸੀ ਅਤੇ ਕਿਹਾ ਸੀ ਕਿ ਇਹ ਚਲਾਨ ਕਿਸੇ ਵੀ ਸਮੇਂ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਇਸ ਚਲਾਨ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਨਾਮ ਵੀ ਸ਼ਾਮਲ ਸਨ ਅਤੇ ਇਸ ਚਲਾਨ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਹੋਣ ਵਾਲੀ ਸਾਰੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੇਸ਼ ਹੋਏ ਸਾਰੇ ਚਲਾਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਜਾਂਚ ਟੀਮ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਹੈ। ਇਸੇ ਦਰਮਿਆਨ ਅੱਜ ਅਦਾਲਤ ਵਿੱਚ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਹਾਜ਼ਰ ਨਹੀਂ ਹੋਏ। ਸੈਣੀ ਨੇ ਆਪਣੀ ਹਾਜ਼ਰੀ ਮੁਆਫ਼ ਕਰਵਾਉਣ ਲਈ ਅਰਜ਼ੀ ਦੇ ਦਿੱਤੀ ਸੀ, ਜਿਸ ਨੂੰ ਜੱਜ ਨੇ ਸਵੀਕਾਰ ਕਰ ਲਿਆ। ਜੁਡੀਸ਼ਲ ਮੈਜਿਸਟਰੇਟ ਅਜੇ ਪਾਲ ਸਿੰਘ ਨੇ ਸੁਮੇਧ ਸੈਣੀ ਨੂੰ ਹਦਾਇਤ ਕੀਤੀ ਕਿ ਉਹ 10 ਮਈ ਨੂੰ ਅਦਾਲਤ ਵਿੱਚ ਹਾਜ਼ਰ ਹੋਣ।

ਸੁਮੇਧ ਸੈਣੀ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਕੋਟਕਪੂਰਾ ਗੋਲੀਕਾਂਡ ਦੀ ਸਮੁੱਚੀ ਪੜਤਾਲ ਰਿਪੋਰਟ ਹਾਈ ਕੋਰਟ ਵੱਲੋਂ ਰੱਦ ਹੋ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਹੁਕਮ ਦੀ ਨਕਲ ਨਹੀਂ ਮਿਲੀ। ਹਾਲਾਂਕਿ, ਪੰਜਾਬ ਸਰਕਾਰ ਨੇ ਸੁਮੇਧ ਸੈਣੀ ਦੀ ਹਾਜ਼ਰੀ ਮੁਆਫ਼ੀ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਜਿੰਨਾ ਚਿਰ ਹਾਈ ਕੋਰਟ ਦੇ ਹੁਕਮ ਦੀ ਨਕਲ ਨਹੀਂ ਮਿਲਦੀ, ਓਨਾ ਸਮਾਂ ਮੁਲਜ਼ਮਾਂ ਦਾ ਅਦਾਲਤ ਵਿੱਚ ਹਾਜ਼ਰ ਹੋਣਾ ਲਾਜ਼ਮੀ ਹੈ।