‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਦੇ ਰੋਸ ਵਜੋਂ ਪੰਜਾਬ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲ ਪੈਦਲ ਮਾਰਚ ਕੀਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਮੁੱਲਾਂਪੁਰ ਬੈਰੀਅਰ ’ਤੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੀ। ਇਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗੁਰਦੀਪ ਸਿੰਘ ਨੇ ਕਿਹਾ ਕਿ ‘ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਅਤੇ ਬਹਿਬਲ ਕਲਾ ਗੋਲੀਕਾਂਡ ਮਾਮਲਿਆਂ ਸਬੰਧੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠਲੀ ਐੱਸਆਈਟੀ ਨੇ ਜਾਂਚ ਕਰਕੇ ਰਿਪੋਰਟ ਪੇਸ਼ ਕੀਤੀ ਹੈ, ਜਿਸ ਨੂੰ ਪੰਜਾਬ ਸਰਕਾਰ ਦੇ ਵਕੀਲ ਹਾਈ ਕੋਰਟ ਵਿੱਚ ਸਹੀ ਢੰਗ ਨਾਲ ਪੇਸ਼ ਨਹੀਂ ਕਰ ਸਕੇ। ਇਸ ਕਾਰਨ ਹਾਈ ਕੋਰਟ ਨੇ ‘ਸਿਟ’ ਦੀ ਰਿਪੋਰਟ ਖਾਰਜ ਕਰਕੇ ਨਵੀਂ ਜਾਂਚ ਕਮੇਟੀ ਬਣਾਉਣ ਦੇ ਆਦੇਸ਼ ਦਿੱਤੇ ਸਨ’।
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਕੈਪਟਨ ਨੇ ਸੱਤਾ ਵਿੱਚ ਆਉਂਦਿਆ ਹੀ ਬੇਅਦਬੀ ਮਾਮਲੇ ਵਿੱਚ ਇਨਸਾਫ਼ ਦਿਵਾਉਣ ਦੇ ਦਾਅਵੇ ਕੀਤੇ ਸਨ ਪਰ ਹੁਣ ਉਹ ਬਾਦਲਾਂ ਨੂੰ ਬਚਾਉਣ ’ਚ ਲੱਗੇ ਹੋਏ ਹਨ। ਕੈਪਟਨ ਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣੀ ਚਾਹੀਦੀ ਹੈ’।