Punjab

ਬਹਿਬਲ ਕਲਾ ਗੋਲੀਕਾਂਡ – ਸੁਖਬੀਰ ਬਾਦਲ ਵੱਲੋਂ IG ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਵੱਡਾ ਐਕਸ਼ਨ ਲੈਣ ਦੀ ਤਿਆਰੀ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਮਾਣਹਾਨੀ ਦਾ ਕੇਸ ਕਰਨ ਦਾ ਦਾਅਵਾ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੋਟਕਪੁਰਾ ਗੋਲੀਕਾਂਡ ਕੇਸ ਦੇ ਗਵਾਹ ਅਜੀਤ ਸਿੰਘ ਨੂੰ ਕਦੇ ਨਹੀਂ ਮਿਲੇ ਅਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇਹ ਝੂਠਾ ਦਾਅਵਾ ਕੀਤਾ ਗਿਆ ਹੈ ਕਿ ਮੈਂ ਗਵਾਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨੌਕਰੀ ਦੇਣ ਦਾ ਵਾਅਦਾ ਕਰਕੇ ਉਸ ਨੂੰ ਸਭ ਕੁੱਝ ਭੁਲਾਉਣ ਦਾ ਲਾਲਚ ਦਿੱਤਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦਾ ਚਾਅ ਚੜ੍ਹਿਆ ਹੋਇਆ ਸੀ ਅਤੇ ਇਸੇ ਮਕਸਦ ਲਈ ਉਸ ਨੇ ਇਹ ਦੂਸ਼ਣਬਾਜ਼ੀ ਦਾ ਪੱਤਰ ਸੂਬੇ ਦੇ ਡੀਜੀਪੀ ਨੂੰ ਭੇਜ ਕੇ ਝੂਠੇ ਦੋਸ਼ ਲਗਾਏ ਹਨ। ਉਹਨਾਂ ਕਿਹਾ ਕਿ ਆਈਜੀ ਨੂੰ ਪਹਿਲਾਂ ਹੀ ਹਾਈ ਕੋਰਟ ਵਿੱਚ ਚੱਲ ਰਹੇ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਕਾਰਵਾਈ ਤੋਂ ਪਤਾ ਸੀ ਕਿ ਉਸ ਦੀ ਜਾਂਚ ਰੱਦ ਕਰ ਦਿੱਤੀ ਜਾਵੇਗੀ। ਵਿਜੇ ਪ੍ਰਤਾਪ ਨੇ ਨੇ ਕਾਂਗਰਸ ਸਰਕਾਰ ਦੇ ਇਸ਼ਾਰੇ ’ਤੇ ਅਕਾਲੀ ਦਲ ਅਤੇ ਇਸ ਦੀ ਸੀਨੀਅਰ ਲੀਡਰਸ਼ਿਪ ਨੂੰ ਕੇਸ ਵਿੱਚ ਫਸਾਉਣ ਦਾ ਯਤਨ ਕੀਤਾ ਹੈ ਪਰ ਉਹ ਇਸ ਕੰਮ ਵਿੱਚ ਅਸਫਲ ਰਿਹਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਮੇਰੇ ਵਕੀਲ ਇਸ ਕੇਸ ਦੀ ਜਾਂਚ ਕਰ ਰਹੇ ਹਨ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਕਿਤੇ ਮੈਨੂੰ ਬਦਨਾਮ ਕਰਨ ਲਈ ਵੱਡੀ ਸਾਜ਼ਿਸ਼ ਤਾਂ ਨਹੀਂ ਰਚੀ ਜਾ ਰਹੀ ਕਿਉਂਕਿ ਇਹ ਮੀਡੀਆ ਦਾ ਫਰਜ਼ ਬਣਦਾ ਹੈ ਕਿ ਉਹ ਸ਼ਰਾਰਤੀ ਸੰਚਾਰ ਤੋਂ ਦੂਰ ਰਹੇ, ਜਿਸ ਦਾ ਕੋਈ ਆਧਾਰ ਨਹੀਂ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਹਨਾਂ ਘਟਨਾਵਾਂ ਪਿੱਛੇ ਜ਼ਿੰਮੇਵਾਰ ਅਨਸਰਾਂ ਦਾ ਪਤਾ ਲਾਉਣ ਦੀ ਥਾਂ ਕਾਂਗਰਸ ਸਰਕਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੇਰੇ ਖਿਲਾਫ ਵਰਤ ਕੇ ਮਾਮਲੇ ਦਾ ਸਿਆਸੀਕਰਨ ਕਰ ਰਹੀ ਹੈ।