‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਭੇਜੇ ਗਏ ਅਸਤੀਫੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾ-ਮਨਜ਼ੂਰ ਕਰਨ ਦੇ ਫੈਸਲੇ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੈਪਟਨ ਨੇ ਬੇਅਦਬੀ ਕਾਂਡ ਅਤੇ ਕੋਟਕਪੂਰਾ ਗੋਲੀਕਾਂਡ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਿੱਠ ਥਾਪੜ ਕੇ ਅਦਾਲਤ ਦੀ ਮਾਣਹਾਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਕੈਪਟਨ ਦਾ ਸਟੈਂਡ ਸਹੀ ਨਹੀਂ ਹੈ। ਕੈਪਟਨ ਨੇ ਆਈਜੀ ਨੂੰ ਥਾਪੜਾ ਦੇ ਕੇ ਨਿਆਂਪਾਲਿਕਾ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ।
ਸੁਖਪਾਲ ਖਹਿਰਾ ਨੇ ਸੁਪਰੀਮ ਕੋਰਟ ਜਾਣ ਦੀ ਦਿੱਤੀ ਹਦਾਇਤ
ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਦੇਰ ਕੀਤੇ ਹਾਈ ਕੋਰਟ ਦੇ ਐੱਸਆਈਟੀ ਭੰਗ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮੁਲਜ਼ਮ ਬਾਹਰ ਨਹੀਂ ਘੁੰਮਣੇ ਚਾਹੀਦੇ। ਉਨ੍ਹਾਂ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਬਾਰੇ ਬਣੀ ਐੱਸਆਈਟੀ ਨੂੰ ਭੰਗ ਕੀਤੇ ਜਾਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।