‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੱਲ੍ਹ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਿਟ ਦੀ ਜਾਂਚ ਨੂੰ ਖਾਰਜ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਨੂੰ IG ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਿਨਾਂ ਨਵੀਂ SIT ਬਣਾਉਣ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕੋਰਟ ਦੇ ਇਸ ਫੈਸਲੇ ਨੂੰ ਸਰਬਉੱਚ ਅਦਾਲਤ ਵਿੱਚ ਚੁਣੌਤੀ ਦੇਣ ਦਾ ਦਾਅਵਾ ਕੀਤਾ ਹੈ। ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਐੱਸਆਈਟੀ ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਕੈਪਟਨ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਨਿਗਰਾਨੀ ਹੇਠ ਬੇਅਦਬੀ ਮਾਮਲੇ ਦੀ ਹੁਣ ਤੱਕ ਕੀਤੀ ਗਈ ਜਾਂਚ ਵਿੱਚ ਪੂਰਾ ਵਿਸ਼ਵਾਸ ਪ੍ਰਗਟ ਕੀਤਾ ਹੈ। ਕੈਪਟਨ ਨੇ ਵਿਜੇ ਪ੍ਰਤਾਪ ਸਿੰਘ ਬਾਰੇ ਕਿਹਾ ਕਿ ਉਹ ਬਹੁਤ ਹੀ ਯੋਗ ਅਤੇ ਤਜ਼ਰਬੇਕਾਰ ਅਧਿਕਾਰੀ ਹਨ।

ਕੈਪਟਨ ਨੇ ਨਵੇਂ ਐੱਸਆਈਟੀ ਦੇ ਗਠਨ ਨੂੰ ਨਾ-ਮਨਜ਼ੂਰ ਕਰਦਿਆਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਐੱਸਆਈਟੀ ਵੱਲੋਂ ਪੂਰੀ ਤਰ੍ਹਾਂ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਪੜਾਅ ‘ਤੇ ਅਧਿਕਾਰੀ ਬਦਲਣਾ ਜਾਂ ਨਵੀਂ ਐੱਸਆਈਟੀ ਬਣਾਉਣਾ ਸਾਨੂੰ ਮਨਜ਼ੂਰ ਨਹੀਂ ਹੈ। ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੀਬੀਆਈ ਜ਼ਰੀਏ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਪਾਏ ਹਨ। ਕੈਪਟਨ ਨੇ ਕਿਹਾ ਕਿ ਇਸ ਕੇਸ ਨੂੰ ਕਾਨੂੰਨੀ ਸਿੱਟੇ ਉੱਤੇ ਪਹੁੰਚਾਇਆ ਜਾਵੇਗਾ ਅਤੇ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਤੌਰ ਉੱਤੇ ਕਿੰਨਾ ਵੀ ਤਾਕਤਵਾਰ ਜਾਂ ਅਸਰ-ਰਸੂਖ ਵਾਲਾ ਹੋਵੇ।