Punjab

ਵਿਧਾਨ ਸਭਾ ਸੈਸ਼ਨ ‘ਚ ਇਹ ਕਾਗਜ਼ ਖੋਲ੍ਹੇਗਾ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲੇ ਸਿਆਸਤਦਾਨਾਂ ਦੀ ਪੋਲ,CM ਮਾਨ ਨੇ ਲਗਾਈ ਮੋਹਰ

ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ

ਦ ਖ਼ਾਲਸ ਬਿਊਰੋ : ਭਗਵੰਤ ਮਾਨ ਸਰਕਾਰ ਦਾ ਪਲੇਠੀ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ, 27 ਜੂਨ ਨੂੰ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨ ਜਾ ਰਹੇ ਨੇ, ਵੱਡੇ-ਵੱਡੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਵਾਅਦੇ ਪੂਰੇ ਕਰਨਾ ਵੱਡੀ ਚੁਣੌਤੀ ਹੈ, ਸ਼ੁੱਕਰਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਦੀ ਮਾਲੀ ਹਾਲਤ ਨੂੰ ਲੈਕੇ ਅਹਿਮ ਫੈਸਲਾ ਲਿਆ ਗਿਆ ਹੈ। ਕੈਬਨਿਟ ਨੇ ਮੌਜੂਦਾ ਸੈਸ਼ਨ ਦੌਰਾਨ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਸਦਨ ਵਿੱਚ ਪੇਸ਼ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ,ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ WHITE PAPER ਵਿੱਚ ਕੀ ਹੋਵੇਗਾ।

ਵਾਇਟ ਪੇਪਰ ‘ਚ ਬੇਨਕਾਬ ਹੋਣਗੇ ਖਜ਼ਾਨੇ ਦੇ ਲੁ ਟੇਰੇ !

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕੀ ‘ਸਰਕਾਰ ਵੱਲੋਂ ਜਾਰੀ ਵਾਇਟ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਿਵੇਂ ਕੀਤੀ ਗਈ..ਕਿਵੇਂ ਪੰਜਾਬ ਕਰਜ਼ਈ ਹੋਇਆ..ਪੂਰੇ ਲੇਖੇ-ਜੋਖੇ ‘ਤੇ ਵ੍ਹਾਈਟ-ਪੇਪਰ ਲਿਆਂਦਾ ਜਾਵੇਗਾ ਵਿਧਾਨ ਸਭਾ ‘ਚ ਵੀ ਪੇਸ਼ ਕਰਾਂਗੇ.. ਕੈਬਨਿਟ ਮੀਟਿੰਗ ‘ਚ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ । ਸਾਫ਼ ਹੈ ਵਾਇਟ ਪੇਪਰ ਦੇ ਜ਼ਰੀਏ ਮਾਨ ਸਰਕਾਰ ਕਾਂਗਰਸ ਅਤੇ ਅਕਾਲੀ ਦਲ ਬੀਜੇਪੀ ਸਮੇਂ ਹੋਏ ਘੁਟਾਲਿਆਂ ਦੀ ਰਿਪੋਰਟ ਪੇਸ਼ ਕਰ ਸਕਦੀ ਹੈ। ਵਾਇਟ ਪੇਪਰ ਵਿੱਚ ਖਜ਼ਾਨੇ ਨੂੰ ਖਾਲ੍ਹੀ ਕਰਨ ਵਾਲਿਆਂ ਖਿਲਾਫ਼ ਕੀ ਐਕਸ਼ਨ ਹੋਵੇਗਾ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਰਕਾਰ ਮੁਤਾਬਿਕ ਵਾਇਟ ਪੇਪਰ ਵਿੱਚ ਮੁੱਖ ਤੌਰ ‘ਤੇ ਚਾਰ ਅਧਿਆਏ ਹਨ ਜੋ ਅਸਲ ਤਸਵੀਰ ਸਾਹਮਣੇ ਰੱਖਣ ਦੇ ਨਾਲ ਨਾਲ ਵਿੱਤੀ ਸੂਚਕਾਂ ਦੀ ਮੌਜੂਦਾ ਸਥਿਤੀ, ਕਰਜ਼ੇ ਦੀ ਸਥਿਤੀ ਅਤੇ ਸੂਬੇ ਦੇ ਸਰਕਾਰੀ ਅਦਾਰਿਆਂ ਦੇ ਵਿੱਤੀ ਹਾਲਾਤ ਨੂੰ ਪੇਸ਼ ਕਰਦੇ ਹਨ। ਵਾਈਟ ਪੇਪਰ ਸੂਬੇ ਦੇ ਵਿੱਤੀ ਹਾਲਾਤ ਵਿੱਚ ਸੁਧਾਰ ਲਈ ਸੰਭਾਵਿਤ ਰਾਹ ਵੀ ਦਰਸਾਏਗਾ।

ਬਜਟ ਅਨੁਮਾਨਾਂ ਨੂੰ ਪੇਸ਼ ਕਰਨ ਨੂੰ ਵੀ ਪ੍ਰਵਾਨਗੀ

ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸਾਲ 2022-23 ਦੇ ਬਜਟ ਅਨੁਮਾਨਾਂ ਨੂੰ ਪੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਬਜਟ ਅਨੁਮਾਨ ਆਮ ਨਾਗਰਿਕਾਂ ਅਤੇ ਈਮੇਲਾਂ, ਚਿੱਠੀਆਂ ਤੇ ਸਿੱਧੇ ਸੰਚਾਰ ਰਾਹੀਂ ਆਪਣੇ ਸੁਝਾਅ ਦੇਣ ਵਾਲੇ ਲੋਕਾਂ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਤਿਆਰ ਕੀਤੇ ਗਏ ਹਨ। ਬਜਟ ਪ੍ਰਸਤਾਵਾਂ ਵਿੱਚ ਮਾਲੀਆ ਪ੍ਰਾਪਤੀਆਂ, ਪੂੰਜੀ ਪ੍ਰਾਪਤੀਆਂ, ਮਾਲੀਆ ਖਰਚਾ, ਪੂੰਜੀਗਤ ਖਰਚਾ, ਮਾਲੀਆ ਘਾਟਾ, ਵਿੱਤੀ ਘਾਟਾ ਅਤੇ ਬਕਾਇਆ ਕਰਜ਼ਾ ਵਰਗੇ ਸਾਰੇ ਸਬੰਧਤ ਵਿੱਤੀ ਸੂਚਕਾਂ ਨੂੰ ਸ਼ਾਮਲ ਕੀਤਾ ਗਿਆ ਹੈ।