The Khalas Tv Blog Punjab ਭਾਈ ਕਾਉਂਕੇ ਦਾ ਕਤਲ ਸਿੱਖ ਨੌਜਵਾਨਾਂ ਦੀ ਹੋਈ ਸਰਕਾਰੀ ਨਸਲਕੁਸ਼ੀ ਦੀ ਬੇਹੱਦ ਘਿਣਾਉਣੀ ਮਿਸਾਲ, ਦੋਸ਼ੀਆਂ ਨੂੰ ਮਿਲਣੀ ਚਾਹੀਦੀ ਮਿਸਾਲੀ ਸਜ਼ਾ- ਜਥੇਦਾਰ
Punjab

ਭਾਈ ਕਾਉਂਕੇ ਦਾ ਕਤਲ ਸਿੱਖ ਨੌਜਵਾਨਾਂ ਦੀ ਹੋਈ ਸਰਕਾਰੀ ਨਸਲਕੁਸ਼ੀ ਦੀ ਬੇਹੱਦ ਘਿਣਾਉਣੀ ਮਿਸਾਲ, ਦੋਸ਼ੀਆਂ ਨੂੰ ਮਿਲਣੀ ਚਾਹੀਦੀ ਮਿਸਾਲੀ ਸਜ਼ਾ- ਜਥੇਦਾਰ

Bhai Kaunke's murder is an extremely disgusting example of government genocide of Sikh youth, the culprits should be given exemplary punishment - Jathedar

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ ਦੌਰਾਨ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਮੁਖੀ ਕੇ.ਪੀ.ਐੱਸ. ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਨਸਲਕੁਸ਼ੀ ਦੀ ਇਕ ਬੇਹੱਦ ਘਿਣਾਉਣੀ ਮਿਸਾਲ ਹੈ, ਜੋ ਦੁਨੀਆ ਦੇ ਸਾਹਮਣੇ ਆਉਣੀ ਅਤੇ ਭਾਈ ਕਾਉਂਕੇ ਦੇ ਕਾਤਲਾਂ ਨੂੰ ਬੇਪਰਦ ਕਰਕੇ ਮਿਸਾਲੀ ਸਜ਼ਾਵਾਂ ਮਿਲਣੀਆਂ ਬੇਹੱਦ ਜ਼ਰੂਰੀ ਹਨ।

ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਲਗਪਗ 30 ਵਰ੍ਹੇ ਪਹਿਲਾਂ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਪੁਲਿਸ ਵੱਲੋਂ ਘਰੋਂ ਚੁੱਕ ਕੇ ਅਣਮਨੁੱਖੀ ਤਸ਼ੱਦਦ ਕਰਕੇ ਭੇਦ ਭਰੇ ਤਰੀਕੇ ਨਾਲ ਸ਼ਹੀਦ ਕਰਨ ਸਬੰਧੀ ਆਈ.ਪੀ.ਐੱਸ, ਬੀ.ਪੀ. ਤਿਵਾੜੀ ਦੀ ਰਿਪੋਰਟ ‘ਤੇ ਕਾਨੂੰਨੀ ਪੱਖਾਂ ਤੋਂ ਘੋਖ ਕਰਕੇ ਢੁਕਵੀਂ ਕਾਰਵਾਈ ਅਤੇ ਭਾਈ ਕਾਉਂਕੇ ਦੇ ਕਾਤਲਾਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦੇ ਦਿੱਤਾ ਗਿਆ ਹੈ।

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ 25 ਦਸੰਬਰ 1992 ਨੂੰ ਪੰਜਾਬ ਪੁਲਿਸ ਵੱਲੋਂ ਘਰੋਂ ਅਗਵਾ ਕਰਕੇ ਨਜਾਇਜ਼ ਹਿਰਾਸਤ ਵਿਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਨ ਤੋਂ ਬਾਅਦ ਪੁਲਿਸ ਹਿਰਾਸਤ ਵਿਚੋਂ ਭੱਜਣ ਦਾ ਝੂਠਾ ਮੁਕੱਦਮਾ ਦਰਜ ਕਰਕੇ ਭਗੌੜਾ ਕਰਾਰ ਦਿੱਤਾ ਗਿਆ ਸੀ। ਭਾਈ ਕਾਉਂਕੇ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਸਬੰਧੀ ਪੜਤਾਲ ਕੀਤੇ ਜਾਣ ਦੀ ਭਾਰੀ ਮੰਗ ‘ਤੇ 7 ਜੂਨ 1998 ਨੂੰ ਪੰਜਾਬ ਪੁਲਿਸ ਦੇ ਤਤਕਾਲੀ ਡਾਇਰੈਕਟਰ ਜਨਰਲ ਨੇ ਆਈ.ਪੀ.ਐੱਸ. ਬੀ.ਪੀ. ਤਿਵਾੜੀ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਸੁਰੱਖਿਆ ਨੂੰ ਪੜਤਾਲ ਕਰਨ ਦੇ ਆਦੇਸ਼ ਦਿੱਤੇ ਸਨ।

ਤਿਵਾੜੀ ਨੇ ਆਪਣੀ ਪੜਤਾਲ ਦੌਰਾਨ ਭਾਈ ਕਾਉਂਕੇ ਦੇ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕਹਾਣੀ ਨੂੰ ਸਿਰੇ ਤੋਂ ਝੂਠੇ ਪਾਇਆ ਅਤੇ ਭਾਈ ਕਾਉਂਕੇ ਨੂੰ ਘਰੋਂ ਚੁੱਕ ਕੇ, ਨਜਾਇਜ਼ ਹਿਰਾਸਤ ਵਿਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਕੇ ਸ਼ਹੀਦ ਕਰਨ ਸਬੰਧੀ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਦਾ ਅਧਿਆਇ ਸ਼ਾਇਦ ਦੁਨੀਆ ਵਿਚ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਸਭ ਤੋਂ ਦਰਦਨਾਕ ਵਿਥਿਆ ਹੋਵੇਗੀ, ਜੋ ਇਕ ਲੋਕਰਾਜੀ ਪ੍ਰਣਾਲੀ ਲਈ ਬੇਹੱਦ ਸ਼ਰਮਨਾਕ ਹੈ। ਹਰ ਸਿੱਖ ਦੇ ਹਿਰਦੇ ਵਿਚ ਭਾਈ ਕਾਉਂਕੇ ਦੀ ਸ਼ਹਾਦਤ ਦਾ ਦਰਦ ਧੁਖ ਰਿਹਾ ਹੈ, ਜਿਸ ਕਰਕੇ ਉਨ੍ਹਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਸਿੱਖ ਹਿਰਦਿਆਂ ਨੂੰ ਰਾਹਤ ਮਹਿਸੂਸ ਹੋ ਸਕੇ।

ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਾਰੇ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਬੇਹੱਦ ਮਿਹਨਤ ਦੇ ਨਾਲ ਭਾਈ ਕਾਉਂਕੇ ਦੇ ਕਤਲ ਦੀ ਤੱਥ-ਆਧਾਰਿਤ ਸੱਚਾਈ ਸਾਹਮਣੇ ਲਿਆਂਦੀ।

Exit mobile version