Punjab

ਭਾਈ ਲਖਵਿੰਦਰ ਸਿੰਘ ਮਹੀਨੇ ਪਿੱਛੋਂ ਜੇਲ੍ਹ ਦੇ ਅੰਨ ਨੂੰ ਲਾਉਣਗੇ ਮੂੰਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕੇਸ ਦੇ ਦੋਸ਼ੀ ਲਖਵਿੰਦਰ ਸਿੰਘ ਨੇ ਮਾਡਲ ਜੇਲ੍ਹ ਬੁੜੈਲ ਵਿੱਚ ਭੁੱਖ ਹੜਤਾਲ ਤੋੜ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਾਈ। ਲਖਵਿੰਦਰ ਸਿੰਘ 26 ਜੁਲਾਈ ਤੋਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਉੱਤੇ ਸਨ। ਕਰਨੈਲ ਸਿੰਘ ਪੰਜੋਲੀ ਨੇ ਇਸ ਮੌਕੇ ਲਖਵਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਜਨਰਲ ਇਜਲਾਸ ਸੱਦ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰੇਗੀ। ਪੰਜਾਬ ਪੁਲਿਸ ਦੇ ਸਾਬਕਾ ਮੁਲਾਜ਼ਮ ਲਖਵਿੰਦਰ ਸਿੰਘ 1995 ਤੋਂ ਮਾਡਲ ਜੇਲ੍ਹ ਬੁੜੈਲ ਵਿੱਚ ਬੰਦ ਹਨ। ਕੇਸ ਦੇ ਨੌਂ ਮੁਲਜ਼ਮਾਂ ਨੂੰ 27 ਸਾਲ ਪਹਿਲਾਂ ਇਸੇ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਦੋ ਨਸੀਬ ਸਿੰਘ ਅਤੇ ਨਵਜੋਤ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਕੇਸ ਦੇ ਦੋ ਦੋਸ਼ੀ ਜਗਤਾਰ ਸਿੰਘ ਹਵਾਰਾ ਤਿਹਾੜ ਜੇਲ੍ਹ ਦਿੱਲੀ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਹਨ। ਦੂਜੇ ਦੋਸ਼ੀਆਂ ਵਿੱਚੋਂ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ, ਸ਼ਮਸ਼ੇਰ ਸਿੰਘ ਅਤੇ ਗੁਰਮੀਤ ਸਿੰਘ ਸਮੇਤ ਲਖਵਿੰਦਰ ਸਿੰਘ ਮਾਡਲ ਜੇਲ੍ਹ ਬੁੜੈਲ ਵਿੱਚ ਸਜ਼ਾ ਭੁਗਤ ਰਹੇ ਹਨ।

ਕਮੇਟੀ ਦੇ ਜਨਰਲ ਸਕੱਤਰ ਪੰਜੋਲੀ ਨੇ ਭੁੱਖ ਹੜਤਾਲ ਖਤਮ ਕਰਾਉਣ ਤੋਂ ਬਾਅਦ ਜੇਲ੍ਹ ਦੇ ਮੁੱਖ ਗੇਟ ਉੱਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਲਖਵਿੰਦਰ ਸਿੰਘ ਨਾਲ ਮੁਲਾਕਾਤ ਕਰਨ ਦੀ ਡਿਊਟੀ ਲਾਈ ਸੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਭਾਈ ਲਖਵਿੰਦਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਧਾਮੀ ਦੇ ਭਰੋਸੇ ਮਗਰੋਂ ਭੁੱਖ ਹੜਤਾਲ ਖਤਮ ਕਰਨ ਲਈ ਰਜ਼ਾਮੰਦ ਹੋ ਗਏ ਸਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਹਦਾਇਤ ਉੱਤੇ ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਦੁੱਖ ਪ੍ਰਗਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਸੀ ਜਿਹਦਾ ਕਿ ਹਾਲੇ ਤੱਕ ਹੁੰਗਾਰਾ ਨਹੀਂ ਭਰਿਆ ਗਿਆ ਹੈ।

ਉਨ੍ਹਾਂ ਨੇ ਅੱਜ ਦੀ ਪ੍ਰੈੱਸ ਕਾਨਫਰੰਸ ਵਿੱਚ ਬਿਲਕਿਸ ਬਾਨੋ ਨਾਲ ਬਲਾਤਕਾਰ ਕਰਨ ਅਤੇ ਉਹਦੀ ਮਾਸੂਮ ਧੀ ਦਾ ਕਤਲ ਕਰਨ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਨ ਦੇ ਮਾਮਲੇ ਉੱਤੇ ਮੁੜ ਗੁੱਸਾ ਜਾਹਿਰ ਕਰਦਿਆਂ ਕਿਹਾ ਕਿ ਇੱਕ ਪਾਸੇ ਗੁਜਰਾਤ ਸਰਕਾਰ ਬਲਾਤਕਾਰ ਅਤੇ ਕਤਲ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ ਕਰ ਰਹੀ ਹੈ ਦੂਜੇ ਪਾਸੇ ਕੌਮ ਲ਼ਈ ਕੁਰਬਾਨੀ ਕਰਨ ਵਾਲੇ ਬੰਦੀ ਸਿੰਘਾਂ ਨੂੰ ਸਜ਼ਾ ਪੂਰੀ ਹੋਣ ਉੱਤੇ ਵੀ ਜੇਲ੍ਹਾਂ ਵਿੱਚ ਬੰਦ ਰੱਖਿਆ ਗਿਆ ਹੈ। ਬਿਲਕਿਸ ਬਾਨੋ ਰੇਪ ਅਤੇ ਕਤਲ ਦੇ ਦੋਸ਼ੀਆਂ ਨੂੰ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਨੇ ਕੇਂਦਰ ਸਰਕਾਰ ਉੱਤੇ ਸਿੱਖਾਂ ਨਾਲ ਦੋ ਨੰਬਰ ਦਾ ਵਿਵਹਾਰ ਕਰਨ ਦਾ ਦੋਸ਼ ਲਾਇਆ।

ਕਮੇਟੀ ਦੇ ਜਨਰਲ ਸਕੱਤਰ ਨੇ ਇਹ ਵੀ ਕਿਹਾ ਕਿ ਬੇਅੰਤ ਸਿੰਘ ਦਾ ਕਤਲ ਸ੍ਰੀ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਅਤੇ 1984 ਦੇ ਸਿੱਖ ਕਤਲੇਆਮ ਪਿੱਛੋਂ ਪੰਜਾਬ ਦੀ ਨੌਜਵਾਨੀ ਨੂੰ ਖ਼ਤਮ ਕਰਨ ਦੇ ਬਦਲੇ ਵਜੋਂ ਕੀਤਾ ਗਿਆ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਦੀ ਸਜ਼ਾ ਮੁਆਫ਼ ਹੋ ਸਕਦੀ ਹੈ ਤਾਂ ਬੰਦੀ ਸਿੰਘਾਂ ਨੂੰ ਲੈ ਕੇ ਕਿਉਂ ਵਖਰੇਵੇਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੁਰਜ਼ੋਰ ਮੰਗ ਵੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਮੂਹਰੇ ਬੰਬ ਧਮਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਬੰਬ ਧਮਾਕੇ ਦੇ ਦੋਸ਼ ਵਿੱਚ ਜਿਨ੍ਹਾਂ ਨੌਂ ਜਣਿਆਂ ਨੂੰ ਗ੍ਰਿਫਤਾਰ ਕੀਤਾ ਸੀ, ਭਾਈ ਲਖਵਿੰਦਰ ਸਿੰਘ ਉਨ੍ਹਾਂ ਵਿੱਚ ਇੱਕ ਸੀ ਅਤੇ ਪੰਜਾਬ ਪੁਲਿਸ ਵਿੱਚ ਹੁੰਦਿਆਂ ਉਸਦੀ ਡਿਊਟੀ ਸਿਵਲ ਸਕੱਤਰੇਤ ਵਿੱਚ ਲੱਗੀ ਹੋਈ ਸੀ।