Punjab Religion

ਭਾਈ ਰਾਜੋਆਣਾ ਨੇ ਜਥੇਦਾਰ ਗੜਗੱਜ ਨੂੰ ਲਿਖੀ ਚਿੱਠੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਪਾਏ ਗਏ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਭਾਵੁਕ ਅਤੇ ਸਖ਼ਤ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਲਈ ਪਾਈ ਗਈ ਰਹਿਮ ਦੀ ਅਪੀਲ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।

ਰਾਜੋਆਣਾ ਨੇ ਲਿਖਿਆ ਕਿ “ਫਾਂਸੀ ਦੀ ਚੱਕੀ ਵਿੱਚ ਰਹਿਣਾ ਮੌਤ ਤੋਂ ਵੀ ਭੈੜਾ ਹੈ”। ਉਨ੍ਹਾਂ ਕਿਹਾ ਕਿ ਪਿਛਲੇ 14 ਸਾਲਾਂ ਤੋਂ ਰਹਿਮ ਦੀ ਅਪੀਲ ਪੈਂਡਿੰਗ ਪਈ ਹੈ ਅਤੇ ਹੁਣ ਹੋਰ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ। ਇਸ ਨੂੰ ਫਾਂਸੀ ਤੋਂ ਵੀ ਵੱਧ ਮਾਨਸਿਕ ਤਸੀਹਾ ਦੱਸਿਆ ਗਿਆ ਹੈ। ਉਨ੍ਹਾਂ SGPC ਨੂੰ ਅਗਲੇ 10 ਦਿਨਾਂ ਅੰਦਰ ਰਾਸ਼ਟਰਪਤੀ ਕੋਲ ਲੰਬਿਤ ਅਪੀਲ ਵਾਪਸ ਲੈਣ ਲਈ ਕਿਹਾ ਹੈ।

ਭਾਈ ਰਾਜੋਆਣਾ ਨੇ ਸਪੱਸ਼ਟ ਕੀਤਾ ਕਿ ਉਹ ਆਪਣੀ ਸਜ਼ਾ ਲਈ ਕਿਸੇ ਵੀ ਤਰ੍ਹਾਂ ਦੀ ਰਹਿਮ ਜਾਂ ਭੀਖ ਨਹੀਂ ਮੰਗਣਾ ਚਾਹੁੰਦੇ। ਜੇਕਰ ਕੇਂਦਰ ਸਰਕਾਰ ਫੈਸਲਾ ਨਾ ਲੈ ਰਹੀ ਤਾਂ ਸਿੱਖ ਸੰਸਥਾਵਾਂ ਨੂੰ ਇਸ ਅਪੀਲ ਨੂੰ ਵਾਪਸ ਲੈ ਕੇ ਪ੍ਰਕਿਰਿਆ ਖਤਮ ਕਰਨੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਸਿੱਖ ਸੰਸਥਾਵਾਂ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਚੁੱਕੇ ਹਨ।

ਇਸ ਚਿੱਠੀ ਨੇ ਇੱਕ ਵਾਰ ਫਿਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਫਾਂਸੀ ਦੀਆਂ ਸਜ਼ਾਵਾਂ ਦੇ ਮੁੱਦੇ ਨੂੰ ਤਾਜ਼ਾ ਕਰ ਦਿੱਤਾ ਹੈ। ਪੂਰੀ ਸਿੱਖ ਕੌਮ ਦੀਆਂ ਨਜ਼ਰਾਂ ਹੁਣ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਚਿੱਠੀ ‘ਤੇ ਲਏ ਜਾਣ ਵਾਲੇ ਸਟੈਂਡ ਅਤੇ SGPC ਵੱਲੋਂ ਦਿੱਤੀ ਜਾਣ ਵਾਲੀ ਪ੍ਰਤੀਕਿਰਿਆ ‘ਤੇ ਟਿਕੀਆਂ ਹੋਈਆਂ ਹਨ।ਭਾਈ ਰਾਜੋਆਣਾ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਦੀ ਰਹਿਮ ਅਪੀਲ ‘ਤੇ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਆਇਆ।