ਸੰਗਰੂਰ : ਬਲਾਗਰ ਭਾਨਾ ਸਿੱਧੂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਜਲਦ ਹੀ ਭਾਨੇ ਸਿੱਧੂ ਦੀ ਰਿਹਾਈ ਹੋਵੇਗੀ। ਭਾਨਾ ਸਿੱਧੂ ਦੇ ਹੱਕ ‘ਚ ਸੰਗਰੂਰ ਬਾਰਡਰ ਪਟਿਆਲਾ ਰੋਡ ‘ਤੇ ਧਰਨਾ ਦੇ ਰਹੇ ਕਿਸਾਨਾਂ ਨੇ ਜ਼ਿਲਾ ਪ੍ਰਸ਼ਾਸਨ ਤੋਂ ਸਹਿਮਤੀ ਮਿਲਣ ਤੋਂ ਬਾਅਦ ਰਾਤ ਨੂੰ ਆਪਣਾ ਧਰਨਾ ਖਤਮ ਕਰ ਦਿੱਤਾ ਹੈ। ਦੇਰ ਰਾਤ ਏ.ਡੀ.ਜੀ.ਪੀ ਜਸਕਰਨ ਸਿੰਘ ਖੁਦ ਲੋਕਾਂ ਵਿਚਕਾਰ ਆਏ ਅਤੇ ਸਹਿਮਤੀ ਬਾਰੇ ਦੱਸਿਆ। ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।
ਕੱਲ੍ਹ ਦੇਰ ਰਾਤ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਪ੍ਰਸਾਸ਼ਨ ਵਿਚਕਾਰ ਸਹਿਮਤੀ ਬਣੀ ਗਈ ਸੀ। ਪੰਜਾਬ ਪੁਲਿਸ ਨੇ 10 ਤਰੀਕ ਤੱਕ ਭਾਨਾ ਸਿੱਧੂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਹੈ। ਇਸਦੇ ਨਾਲ ਹੀ ਪੁਲਿਸ ਨੇ ਇਹ ਦਾਅਵਾ ਕੀਤਾ ਹੈ ਕਿ ਇਸ ਪ੍ਰਦਰਸ਼ਨ ਦੌਰਾਨ ਗ੍ਰਿਫਤਾਰ ਕੀਤੇ ਗਏ ਜਾਂ ਹਿਰਾਸਤ ਵਿੱਚ ਲਏ ਗਏ ਨੌਜਵਾਨ ਜਾਂ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇਗਾ। ਇਸ ਤੋਂ ਇਲਾਵਾ ਧਰਨਾਕਾਰੀਆਂ ਦੇ ਹੋਏ ਨੁਕਸਾਨ ਦੀ ਵੀ ਭਰਪਾਈ ਕੀਤੀ ਜਾਵੇਗੀ। ਏਡੀਜੀਪੀਸੀ ਜਸਕਰਨ ਸਿੰਘ ਨੇ ਖੁਦ ਦੱਸਿਆ ਕਿ ਸਾਰੇ ਨਜ਼ਰਬੰਦ ਕਿਸਾਨ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਚਹੇਤੇ ਭਾਨਾ ਸਿੱਧੂ ਨੂੰ 6 ਦਿਨਾਂ ਵਿੱਚ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਜਾਵੇਗਾ। ਦਰਅਸਲ ਭਾਨਾ ਸਿੱਧੂ ਖ਼ਿਲਾਫ਼ ਦਰਜ ਹੋਏ ਕੇਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ।
15 ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਸਾਬਕਾ ਸੀ.ਐਮ ਚਰਨਜੀਤ ਸਿੰਘ ਚੰਨੀ ਨੂੰ ਵੀ ਰਸਤੇ ਵਿੱਚ ਰੋਕ ਲਿਆ ਗਿਆ ਪਰ ਇਸ ਦੇ ਬਾਵਜੂਦ ਕਿਸਾਨ ਯੂਨੀਅਨਾਂ ਭਾਨਾ ਸਿੰਘ ਦੀ ਰਿਹਾਈ ਲਈ ਡਟੀਆਂ ਰਹੀਆਂ, ਜਿਸ ਦੇ ਸਿੱਟੇ ਵਜੋਂ ਪੰਜਾਬ ਸਰਕਾਰ ਅਤੇ ਯੂਨੀਅਨਾਂ ਨਾਲ ਸਮਝੌਤਾ ਹੋ ਗਿਆ ਹੈ। ਹੁਣ ਭਾਣਾ ਸਿੱਧੂ 10 ਦਿਨਾਂ ਦੇ ਅੰਦਰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਹੋ ਸਕਦਾ ਹੈ।
ਦੱਸ ਦੇਈਏ ਕਿ ਭਾਨਾ ਸਿੱਧੂ ਖ਼ਿਲਾਫ਼ ਇੱਕ ਔਰਤ ਵੱਲੋਂ ਚੇਨ ਸਨੈਚਿੰਗ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿਸ ’ਤੇ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 379-ਬੀ ਤਹਿਤ ਕੇਸ ਦਰਜ ਕਰ ਲਿਆ ਸੀ। ਸ਼ਿਕਾਇਤ ਦਰਜ ਕਰਕੇ ਪੁਲਿਸ ਨੇ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕਰਕੇ 2 ਦਿਨਾਂ ਦੇ ਰਿਮਾਂਡ ‘ਤੇ ਲਿਆ ਸੀ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਭਾਨਾ ਸਿੱਧੂ ਦੇ ਸਮਰਥਨ ਵਿੱਚ ਸਾਹਮਣੇ ਆ ਗਈਆਂ। ਕਿਸਾਨਾਂ ਦਾ ਕਹਿਣਾ ਹੈ ਕਿ ਭਾਨਾ ਸਿੱਧੂ ਸਮਾਜ ਸੇਵੀ ਹੈ, ਸਿੱਧੂ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦਾ ਹੈ। ਸਰਕਾਰ ਨੂੰ ਭਾਣਾ ਸਿੱਧੂ ਦੀ ਮਦਦ ਕਰਨੀ ਚਾਹੀਦੀ ਹੈ ਨਾ ਕਿ ਉਸ ‘ਤੇ ਝੂਠੇ ਕੇਸ ਦਰਜ ਕੀਤੇ ਜਾਣ।