‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦੋ ਦਿਨਾਂ ਵਾਸਤੇ ਲਾਈ ਗਈ ਪਾਬੰਦੀ ‘ਤੇ ਇਤਰਾਜ਼ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਮੌਕੇ ਦੋ ਦਿਨ ਵਾਸਤੇ ਤਾਲਾਬੰਦੀ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਨਾਲ ਜੋ ਸਿੱਖ ਸੰਗਤ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਿਲ ਹੋਣਾ ਚਾਹੁੰਦੀ ਹੈ, ਉਹ ਸ਼ਮੂਲੀਅਤ ਨਹੀਂ ਕਰ ਸਕੇਗੀ।
ਉਨ੍ਹਾਂ ਕਿਹਾ ਕਿ ਲਗਭਗ 15 ਹਜ਼ਾਰ ਦੀ ਗਿਣਤੀ ਵਿੱਚ ਸੰਗਤ ਵੱਲੋਂ ਸ਼ਤਾਬਦੀ ਸਬੰਧੀ ਸਹਿਜ ਪਾਠ ਆਰੰਭ ਕੀਤੇ ਹੋਏ ਹਨ, ਜਿਨ੍ਹਾਂ ਦੇ ਭੋਗ ਮੌਕੇ ਸੰਗਤ ਨੇ ਇੱਥੇ ਸਮਾਗਮ ਵਿੱਚ ਸ਼ਾਮਲ ਹੋਣਾ ਸੀ ਪਰ ਹੁਣ ਸੰਗਤ ਨੂੰ ਘਰ ਰਹਿ ਕੇ ਹੀ ਸਹਿਜ ਆਨਲਾਈਨ ਸਹਿਜ ਪਾਠ ਦੇ ਭੋਗ ਪਾਉਣੇ ਪਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸ਼ਤਾਬਦੀ ਸਮਾਗਮ ਪਹਿਲਾਂ ਹੀ ਸੰਕੋਚ ਦਿੱਤੇ ਗਏ ਹਨ। ਉਨ੍ਹਾਂ ਸਾਰੀ ਸੰਗਤ ਨੂੰ ਲਾਈਵ ਪ੍ਰਸਾਰਨ ਰਾਹੀਂ ਸ਼ਤਾਬਦੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।