India Punjab

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਵਿਖੇ ਵਾਪਰੀ ਘਟਨਾ ‘ਤੇ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨੂੰ ਲਿਆ ਲੰਮੇ ਹੱਥੀਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਨਾਂਦੇੜ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਅਤੇ ਮਹਾਰਾਸ਼ਟਰ ਪੁਲਿਸ ਵਿਚਾਲੇ ਹੋਈ ਝੜਪ ‘ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਮਨ-ਕਾਨੂੰਨ ਬਰਕਰਾਰ ਰੱਖਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਧਾਰਮਿਕ ਮਸਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਜੇ ਕੁੰਭ ਦੇ ਮੇਲੇ ਵਿੱਚ ਕਰੋੜਾਂ ਲੋਕ ਸ਼ਾਮਿਲ ਹੋਏ ਹਨ ਤੇ ਚੋਣਾਂ ਵਾਲੇ ਸੂਬਿਆਂ ਵਿੱਚ ਵੀ ਹਜ਼ਾਰਾਂ ਲੋਕ ਇਕੱਠੇ ਹੋ ਰਹੇ ਹਨ। ਕੋਰੋਨਾ ਦਾ ਵਾਧੂ ਖੌਫ ਦਿਖਾ ਕੇ ਲੋਕਾਂ ਨੂੰ ਇੰਨਾ ਪਰੇਸ਼ਾਨ ਕੀਤਾ ਗਿਆ ਕਿ ਲੋਕਾਂ ਨੂੰ ਰੋਟੀ ਕਮਾਉਣੀ ਮਹਿੰਗੀ ਪੈ ਗਈ ਹੈ।


ਆਪਣੇ ਬਿਆਨ ਵਿੱਚ ਉਨ੍ਹਾਂ ਨੇ ਮਲੋਟ ਵਿੱਚ ਬੀਜੇਪੀ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕਿਸੇ ਸੂਝਵਾਨ ਤੇ ਕਿਸਾਨ ਦਾ ਕੰਮ ਨਹੀਂ ਹੋ ਸਕਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਨਾਂਦੇੜ ਸਾਹਿਬ ਤੇ ਪੰਜਾਬ ਵਿੱਚ ਵਾਪਰੀਆਂ ਇਨ੍ਹਾਂ ਦੋਵਾਂ ਘਟਨਾਵਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਘਟਨਾ ਕਿਸਾਨਾਂ ਨੇ ਨਹੀਂ ਕੀਤੀ ਹੈ ਤੇ ਨਾ ਹੀ ਕਿਸਾਨ ਅਜਿਹਾ ਕਰ ਸਕਦੇ ਹਨ। ਇੰਨੇ ਲੰਬੇ ਸਮੇਂ ਤੋਂ ਜੇਕਰ ਕੋਈ ਘਟਨਾ ਨਹੀਂ ਵਾਪਰੀ ਤਾਂ ਇਸਦੇ ਪਿੱਛੇ ਵੀ ਕਿਸਾਨਾਂ ਦਾ ਹੱਥ ਨਹੀਂ। ਲੋਕਾਂ ਵਿੱਚ ਰੋਹ ਕਿਉਂ ਵਧ ਰਿਹਾ ਹੈ, ਇਸ ‘ਤੇ ਸਰਕਾਰ ਨੂੰ ਜ਼ਰੂਰ ਆਤਮ ਮੰਥਨ ਕਰਨਾ ਚਾਹੀਦਾ ਹੈ।