The Khalas Tv Blog Punjab ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
Punjab

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਹਨ। ਉਨ੍ਹਾਂ ਕਿਹਾ ਕਿ ਕੁੱਝ ਸਿੱਖ ਵਿਰੋਧੀ ਸ਼ਕਤੀਆਂ ਨੀਚ ਹਰਕਤਾਂ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀਆਂ ਹਨ। ਇਸ ਵਾਸਤੇ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਦੋਸ਼ੀ ਪਰਮਜੀਤ ਸਿੰਘ ਖਿਲਾਫ ਧਾਰਾ 295-ਏ ਤਹਿਤ ਪਰਚਾ ਦਰਜ ਕਰਵਾ ਕੇ ਦੋਸ਼ੀ ਨੂੰ ਪੁਲਿਸ ਹਵਾਲੇ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਪ੍ਰਸ਼ਾਸਨ ਤੋਂ ਦੋਸ਼ੀ ਵਿਅਕਤੀ ਤੋਂ ਇਸ ਘਟਨਾ ਦੇ ਪਿੱਛੇ ਦੀ ਮਨਸ਼ਾ ਦਾ ਪਤਾ ਲਗਾ ਕੇ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸੰਗਤ ਸਾਹਮਣੇ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਫੜੇ ਜਾਣ ਦੇ ਬਾਵਜੂਦ ਘਟਨਾ ਦੇ ਪਿੱਛੇ ਦੀ ਮਨਸ਼ਾ ਸਾਹਮਣੇ ਨਹੀਂ ਆਉਂਦੀ, ਜਿਸ ਕਾਰਨ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੇ ਦੋਸ਼ੀ ਵਿਅਕਤੀ ਅਤੇ ਇਨ੍ਹਾਂ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਬੇਪਰਦਾ ਕਰਕੇ ਸਖ਼ਤ ਸਜਾਵਾਂ ਦਿੱਤੀਆਂ ਜਾਣ ਤਾਂ ਕਿ ਅਜਿਹੀਆਂ ਘਟਨਾਵਾ ਨੂੰ ਠੱਲਿਆ ਜਾ ਸਕੇ।

Exit mobile version