Punjab

ਬਾਗੀ ਬੀਬੀ ਜਗੀਰ ਕੌਰ ਨੂੰ ਸੁਖਬੀਰ ਨੇ ਪਾਰਟੀ ‘ਚੋਂ ਕੱਢਿਆ

Bibi Jagir Kaur was expelled from the party by Sukhbir Badal

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਹੋਣ ਕਰਕੇ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵਿੱਚੋਂ ਸਸਪੈਂਡ ਕਰ ਦਿੱਤਾ ਹੈ। ਪਾਰਟੀ ਨੇ ਬੀਬੀ ਜਗੀਰ ਕੌਰ ਤੋਂ 48 ਘੰਟਿਆਂ ਵਿੱਚ ਜਵਾਬ ਵੀ ਮੰਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਇਹ ਫੈਸਲਾ ਸੁਣਾਇਆ ਹੈ। ਅਕਾਲੀ ਦਲ ਨੇ ਬੀਬੀ ਜਗੀਰ ਕੌਰ ਤੋਂ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਸਾਰੇ ਕਾਇਦੇ ਕਾਨੂੰਨਾਂ ਨੂੰ ਜਾਣਦੇ ਸਨ, ਪਰ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਚੱਲ ਰਹੀਆਂ ਸਨ। ਪਾਰਟੀ ਦੇ ਸੀਨੀਅਰ ਲੀਡਰਾਂ ਨੇ ਉਨ੍ਹਾਂ ਨੂੰ ਚੁੱਪ ਚੁਪੀਤੇ ਜਾ ਕੇ ਸਮਝਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਸੀ ਕਿ ਪਾਰਟੀ ਤੋਂ ਬਾਹਰ ਜਾਣਾ ਠੀਕ ਨਹੀਂ ਹੈ ਪਰ ਸਾਰੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ।

ਅਕਾਲੀ ਦਲ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਕੋਲ ਸ਼੍ਰੋਮਣੀ ਕਮੇਟੀ ਦੇ ਕਾਫ਼ੀ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਸ਼ਿਕਾਇਤ ਕੀਤੀ ਸੀ ਕਿ ਬੀਬੀ ਜਗੀਰ ਕੌਰ ਉਹਨਾਂ ਉੱਤੇ ਖੁਦ ਨੂੰ ਵੋਟ ਪਾਉਣ ਲਈ ਦਬਾਅ ਪਾ ਰਹੇ ਸਨ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਚੋਣ ਲੜਨੀ ਹੀ ਲੜਨੀ ਹੈ, ਭਾਵੇਂ ਪਾਰਟੀ ਉਨ੍ਹਾਂ ਨੂੰ ਚੋਣ ਉਮੀਦਵਾਰ ਮੰਨੇ ਜਾਂ ਨਾ। ਅਸੀਂ ਇਹ ਸਾਰੀਆਂ ਗੱਲਾਂ ਪ੍ਰਧਾਨ ਦੇ ਧਿਆਨ ਵਿੱਚ ਲਿਆਂਦੀਆਂ। ਉਸ ਤੋਂ ਬਾਅਦ ਦਲਜੀਤ ਚੀਮਾ ਦੀ ਬੀਬੀ ਜਗੀਰ ਕੌਰ ਨੂੰ ਸਮਝਾਉਣ ਦੀ ਡਿਊਟੀ ਲੱਗੀ ਪਰ ਉਹ ਵੀ ਅਸਫ਼ਲ ਰਹੀ।

ਅਕਾਲੀ ਦਲ ਨੇ ਕਿਹਾ ਕਿ ਜੇ ਬੀਬੀ ਜਗੀਰ ਕੌਰ ਨੇ 48 ਘੰਟਿਆਂ ਵਿੱਚ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਦੇ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਚੋਣ ਪ੍ਰਚਾਰ ਬੰਦ ਕਰਨ ਦੀ ਤਾਕੀਦ ਕੀਤੀ ਹੈ। ਬੀਬੀ ਜਗੀਰ ਕੌਰ ਜੇ ਚੋਣ ਲੜਨ ਤੋਂ ਪਿੱਛੇ ਹਟ ਜਾਂਦੇ ਹਨ ਤਾਂ ਉਨ੍ਹਾਂ ਦੀ ਮੁਅੱਤਲੀ ਬਹਾਲ ਕੀਤੀ ਜਾ ਸਕਦੀ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨੇ ਦਾਅਵਾ ਕੀਤਾ ਕਿ ਸੁਖਬੀਰ ਬਾਦਲ ਨੇ ਵੀ ਬੀਬੀ ਜਗੀਰ ਕੌਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ। ਬੀਬੀ ਜਗੀਰ ਕੌਰ ਦੇ ਇਸ ਫੈਸਲੇ ਤੋਂ ਲੱਗਦਾ ਸੀ ਕਿ ਹੋ ਸਕਦਾ ਹੈ ਕਿ ਉਨ੍ਹਾਂ ਦੇ ਪਿੱਛੇ ਕੁਝ ਐਸੀਆਂ ਤਾਕਤਾਂ ਕੰਮ ਕਰਦੀਆਂ ਹੋਣ, ਜਿਨ੍ਹਾਂ ਕਰਕੇ ਬੀਬੀ ਜਗੀਰ ਕੌਰ ਨੇ ਏਨਾ ਦਲੇਰੀ ਵਾਲਾ ਕਦਮ ਚੁੱਕਿਆ ਹੈ। ਜਗਮੀਤ ਬਰਾੜ ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਉੱਤੇ ਪਾਰਟੀ ਅਗਲੀ ਮੀਟਿੰਗ ਵਿੱਚ ਫੈਸਲਾ ਲਵੇਗੀ। ਉਨ੍ਹਾਂ ਨੂੰ ਇੱਕ ਹੋਰ ਮੌਕਾ ਦਿੱਤਾ ਜਾਵੇਗਾ।