Punjab

ਨਵਜੋਤ ਸਿੱਧੂ ਖ਼ਿਲਾਫ਼ ਨਿੱਤਰੀ ਕੈਪਟਨ ਦੀ ਫੌਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਖਿਲਾਉ ਸ਼ਬਦੀ ਜੰਗ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਨਵਜੋਤ ਸਿੱਧੂ ਕੈਪਟਨ ਨੂੰ ਲਗਾਤਾਰ ਬੇਅਦਬੀ ਮਾਮਲੇ ਵਿੱਚ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਰਹੇ ਹਨ। ਨਵਜੋਤ ਸਿੱਧੂ ਦੇ ਖਿਲਾਫ ਪੰਜਾਬ ਦੇ ਕਈ ਮੰਤਰੀਆਂ ਨੇ ਕਾਂਗਰਸ ਪਾਰਟੀ ਹਾਈਕਮਾਂਡ ਨੂੰ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਹੁਣ ਚਾਰ ਹੋਰ ਮੰਤਰੀਆਂ ਨੇ ਸਿੱਧੂ ਦੀ ਬਿਆਨਬਾਜ਼ੀ ਤੋਂ ਖਫਾ ਹੁੰਦਿਆਂ ਪਾਰਟੀ ਹਾਈਕਮਾਂਡ ਨੂੰ ਉਸ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਤਿੰਨ ਮੰਤਰੀਆਂ ਬ੍ਰਹਮ ਮਹਿੰਦਰਾ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੇ ਕੈਪਟਨ ਦੇ ਪੱਖ ਵਿੱਚ ਉਤਰਦਿਆਂ ਕਾਂਗਰਸ ਪਾਰਟੀ ਹਾਈ ਕਮਾਂਡ ਨੂੰ ਨਵਜੋਤ ਸਿੰਘ ਸਿੱਧੂ ਖਿਲਾਫ ਸਖਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ।

ਕੈਪਟਨ ਦੇ ਪੱਖ ਵਿੱਚ ਚਾਰ ਹੋਰ ਮੰਤਰੀਆਂ ਨੇ ਨਿੱਤਰਦਿਆਂ ਪਾਰਟੀ ਹਾਈਕਮਾਂਡ ਨੂੰ ਸਿੱਧੂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਮੰਤਰੀਆਂ ਵਿੱਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਿਲ ਹਨ। ਇਨ੍ਹਾਂ ਲੀਡਰਾਂ ਨੇ ਕਿਹਾ ਕਿ ਸਿੱਧੂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੈਪਟਨ ਖਿਲਾਫ ਬਿਆਨਬਾਜ਼ੀ ਕਰਨਾ ਕਾਂਗਰਸ ਲਈ ਤਬਾਹੀ ਦਾ ਸੱਦਾ ਦਿੰਦੇ ਹਨ। ਸਿੱਧੂ ਅਤੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਦੀ ਆਪਸ ਵਿੱਚ ਮਿਲੀਭੁਗਤ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਵੱਲੋਂ ਕੈਪਟਨ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਸੂਬੇ ਵਿੱਚ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਪੰਜਾਬ ਕਾਂਗਰਸ ਵਿੱਚ ਸਮੱਸਿਆ ਪੈਦਾ ਕਰਨ ਲਈ ‘ਆਪ’ ਜਾਂ ਭਾਜਪਾ ਲੀਡਰਾਂ ਵੱਲੋਂ ਉਕਸਾ ਕੇ ਕਰਵਾਈ ਜਾ ਰਹੀ ਹੈ। ਜਿਸ ਤਰੀਕੇ ਨਾਲ ਸਿੱਧੂ ਵੱਲੋਂ ਸੂਬਾ ਸਰਕਾਰ ਖ਼ਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਹਮਲਾਵਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਤੋਂ ਤਾਂ ਕੈਪਟਨ ਖਿਲਾਫ਼ ਸਾਜ਼ਿਸ਼ ਦਾ ਹੀ ਅਨੁਮਾਨ ਲਗਾਇਆ ਜਾ ਸਕਦਾ ਹੈ।

ਨਵਜੋਤ ਸਿੱਧੂ ਦੀ ਹੁਕਮ ਅਦੂਲੀ ਨੂੰ ਪੂਰੀ ਤਰ੍ਹਾਂ ਅਨੁਸ਼ਾਸਨਹੀਣ ਕਰਾਰ ਦਿੰਦਿਆਂ ਮੰਤਰੀਆਂ ਨੇ ਕਿਹਾ ਕਿ ਅਜਿਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਰਾਜਨੀਤਕ ਪਾਰਟੀ ਵੱਲੋਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਅਤੇ ਉਹ ਵੀ ਉਸ ਸਮੇਂ ਜਦੋਂ ਸੂਬੇ ਵਿੱਚ ਚੋਣਾਂ ਹੋਣ ਵਾਲੀਆਂ ਹੋਣ। ਉਨ੍ਹਾਂ ਕਿਹਾ ਕਿ, ‘‘ਸਿੱਧੂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਜਾਣਾ ਚਾਹੀਦਾ ਹੈ, ਜੇਕਰ ਉਹ ਕੱਢਿਆ ਨਹੀਂ ਗਿਆ ਤਾਂ ਪੰਜਾਬ ਕਾਂਗਰਸ ਵਿੱਚ ਉਸ ਦੀ ਲਗਾਤਾਰ ਮੌਜੂਦਗੀ ਪਾਰਟੀ ਦੀ ਸੂਬਾ ਇਕਾਈ ਵਿੱਚ ਗੜਬੜ ਪੈਦਾ ਕਰ ਰਹੀ ਹੈ ਅਤੇ ਚੋਣਾਂ ਦੀ ਤਿਆਰੀ ਦੇ ਮਹੱਤਵਪੂਰਨ ਕੰਮ ਤੋਂ ਧਿਆਨ ਭਟਕਾ ਰਹੀ ਹੈ।’’

ਇਨ੍ਹਾਂ ਲੀਡਰਾਂ ਨੇ ਸਿੱਧੂ ਦੇ ਵਿਵਾਦਪੂਰਨ ਬਿਆਨਾਂ ਦੇ ਰਿਕਾਰਡ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਸਾਬਕਾ ਕ੍ਰਿਕਟਰ ਸਪੱਸ਼ਟ ਤੌਰ ’ਤੇ ਆਪਣੇ ਲਈ ਬੱਲੇਬਾਜ਼ੀ ਕਰਦੇ ਹੋਏ ਪ੍ਰਤੀਤ ਹੁੰਦੇ ਹਨ ਅਤੇ ਉਸ ਵਿੱਚ ਟੀਮ ਭਾਵਨਾ ਦੀ ਘਾਟ ਹੈ। ਇਹ ਉਹ ਗੁਣ ਹੈ, ਜਿਸ ਨੂੰ ਉਨ੍ਹਾਂ ਨੇ ਰਾਜਨੀਤਕ ਖੇਤਰ ਵਿੱਚ ਇੱਕ ਤੋਂ ਵੱਧ ਵਾਰ ਉਜਾਗਰ ਕੀਤਾ ਹੈ। ਸਿੱਧੂ ਇੱਕ ਮੁਸੀਬਤ ਤੋਂ ਇਲਾਵਾ ਕੁੱਝ ਨਹੀਂ ਹੈ, ਜੋ ਇੰਨੇ ਸਾਲਾਂ ਦੌਰਾਨ ਪੰਜਾਬ ਵਿੱਚ ਕਾਂਗਰਸ ਅਤੇ ਸੂਬਾ ਸਰਕਾਰ ਲਈ ਯੋਗਦਾਨ ਪਾਉਣ ਵਿੱਚ ਅਸਫ਼ਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਨੂੰ ਚਾਹੀਦਾ ਹੈ ਕਿ ਉਹ ਕਾਂਗਰਸ ਪਾਰਟੀ ਛੱਡ ਦੇਵੇ ਅਤੇ ਮੁੱਖ ਮੰਤਰੀ ਦੇ ਵਿਰੁੱਧ ਅਖਾੜੇ ਵਿੱਚ ਆਵੇ, ਜੇਕਰ ਉਸ ਨੂੰ ਸੱਚਮੁੱਚ ਆਪਣੀ ਸਿਆਸੀ ਸ਼ਕਤੀ ’ਤੇ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਵਿਰੁੱਧ ਸ਼ਬਦੀ ਹਮਲੇ ਕਰਨਾ ਉਨ੍ਹਾਂ ਦਾ ਰਾਜਨੀਤਕ ਰਸੂਖ਼ ਜਾਂ ਪ੍ਰਸਿੱਧੀ ਹੀ ਹੋ ਸਕਦਾ ਹੈ।