‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੁਣ ਪ੍ਰਬੰਧਕੀ ਵਿਭਾਗ ਸਟਾਫ਼ ਨੂੰ ਦਫ਼ਤਰ ਬੁਲਾਉਣ ਸਬੰਧੀ ਆਪਣੇ ਪੱਧਰ `ਤੇ ਫੈਸਲੇ ਲੈ ਸਕਦਾ ਹੈ। ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ‘ਚ ਸਟਾਫ਼ ਦੀ ਹਾਜ਼ਰੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰਬੰਧਕੀ ਵਿਭਾਗ ਹੁਣ ਆਪਣੇ ਅਧੀਨ ਆਉਂਦੇ ਵਿਭਾਗਾਂ/ਦਫ਼ਤਰਾਂ ਵਿੱਚ ਕੋਵਿਡ ਕੇਸਾਂ ਅਤੇ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਦਫ਼ਤਰਾਂ ਵਿੱਚ ਸਟਾਫ਼ ਨੂੰ ਬੁਲਾਉਣ ਸਬੰਧੀ ਆਪਣੇ ਪੱਧਰ `ਤੇ ਫੈਸਲਾ ਲੈਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਵਿਭਾਗਾਂ ਅਤੇ ਦਫ਼ਤਰਾਂ ਦੇ ਮੁਖੀਆਂ ਵੱਲੋਂ ਨੇਤਰਹੀਣ, ਗਰਭਵਤੀ ਔਰਤਾਂ ਅਤੇ ਸਿਹਤ ਪੱਖੋਂ ਪੀੜਤ ਕਰਮਚਾਰੀਆਂ ਨੂੰ ਜ਼ਿਆਦਾ ਲੋੜ ਪੈਣ `ਤੇ ਹੀ ਦਫ਼ਤਰ ਬੁਲਾਇਆ ਜਾਵੇ।