‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਰ ਵਿੱਚ ਅੱਜ ਪੰਜਾਬ ਸਰਕਾਰ ਵੱਲੋਂ ਪਟਵਾਰੀ ਦੇ ਅਹੁਦੇ ਲਈ ਪ੍ਰੀਖਿਆ ਲਈ ਜਾ ਰਹੀ ਹੈ। ਚੰਡੀਗੜ੍ਹ ਦੇ ਸੈਕਟਰ 32 ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਸੁਣ ਕੇ ਇੱਕ ਵਾਰ ਫਿਰ ਇੰਝ ਲੱਗਦਾ ਹੈ ਕਿ ਸਿੱਖ ਕੌਮ ਹਾਲੇ ਵੀ ਆਜ਼ਾਦ ਦੇਸ਼ ਵਿੱਚ ਆਜ਼ਾਦ ਨਹੀਂ ਹੈ। ਇੱਥੇ ਪ੍ਰੀਖਿਆ ਕੇਂਦਰ ਦੇ ਬਾਹਰ ਉਮੀਦਵਾਰਾਂ ਅਤੇ ਪ੍ਰੀਖਿਆ ਕੇਂਦਰ ਦੇ ਪ੍ਰਬੰਧਕਾਂ ਵਿਚਾਲੇ ਵਿਵਾਦ ਪੈਦਾ ਹੋ ਗਿਆ ਹੈ। ਪ੍ਰੀਖਿਆ ਦੇਣ ਪਹੁੰਚੇ ਸਿੱਖ ਵਿਦਿਆਰਥੀਆਂ ਨੇ ਪ੍ਰਬੰਧਕਾਂ ‘ਤੇ ਉਨ੍ਹਾਂ ਦੇ ਕੜੇ ਲੁਹਾਉਣ ਦਾ ਦੋਸ਼ ਲਾਇਆ ਹੈ। ਵਿਦਿਆਰਥੀਆਂ ਦੇ ਕੜੇ ਲੁਹਾ ਕੇ ਉਨ੍ਹਾਂ ਨੂੰ ਪ੍ਰੀਖਿਆ ਕੇਂਦਰ ਵਿੱਚ ਜਾਣ ਦਿੱਤਾ ਗਿਆ ਹੈ। ਇੱਕ ਵਿਆਹੁਤਾ ਦਾ ਚੂੜਾ ਵੀ ਲੁਹਾਇਆ ਗਿਆ। ਵਿਦਿਆਰਥੀਆਂ ਨਾਲ ਆਏ ਉਨ੍ਹਾਂ ਦੇ ਮਾਪਿਆਂ ਦੇ ਹੱਥਾਂ ਵਿੱਚ ਆਪਣੇ ਬੱਚਿਆਂ ਦੇ ਕੜੇ ਫ਼ੜ੍ਹੇ ਹੋਏ ਹਨ। ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਉਹ ਇਹ ਮੁੱਦਾ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੁੱਕਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਦਲਜੀਤ ਸਿੰਘ ਬੇਦੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਦਾ ਅੰਗ ਹਨ ਅਤੇ ਉਹ ਇਨ੍ਹਾਂ ਨੂੰ ਆਪਣੇ ਤੋਂ ਅਲੱਗ ਨਹੀਂ ਕਰ ਸਕਦਾ। ਪ੍ਰਸ਼ਾਸਨ ਨੂੰ ਵਿਦਿਆਰਥੀਆਂ ਨੂੰ ਪਹਿਲਾਂ ਤੋਂ ਹੀ ਸੂਚਿਤ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਨੇ ਇਸ ਮਾਮਲੇ ‘ਤੇ ਨੋਟਿਸ ਲੈਣ ਦਾ ਭਰੋਸਾ ਦਿੱਤਾ।
ਕਾਂਗਰਸ ਵਿਧਾਇਕ ਕੁਲਦੀਪ ਵੈਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਖ਼ਤ ਤੋਂ ਸਖ਼ਤ ਐਕਸ਼ਨ ਲੈਣ ਦੀ ਅਪੀਲ ਕੀਤੀ ਹੈ। ਪੰਜ ਕਕਾਰਾਂ ਨੂੰ ਕੋਈ ਵੀ ਨਹੀਂ ਉਤਰਵਾ ਸਕਦਾ। ਇਹ ਕੋਈ ਛੋਟੀ ਗੱਲ ਨਹੀਂ ਹੈ।