India Khetibadi

ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ , ਕੇਂਦਰ ਸਰਕਾਰ ਨੇ ਕਣਕ ਦੀ MSP ‘ਚ ਕੀਤਾ ਵਾਧਾ

Big news for farmers

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਅੱਜ ਹਾੜੀ ਦੀਆਂ 6 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਇਹ ਖੁਲਾਸਾ ਕੀਤਾ ਹੈ। ਉਹਨਾਂ ਦੱਸਿਆ ਕਿ ਸਰਕਾਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 110 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਜਿਨ੍ਹਾਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਇਆ ਗਿਆ ਹੈ।

ਉਹਨਾਂ ਵਿੱਚ ਕਣਕ ਤੋਂ ਇਲਾਵਾ ਜੌਂ, ਛੋਲੇ, ਦਾਲ, ਸੂਰਜਮੁਖੀ ਅਤੇ ਸਰ੍ਹੋਂ ਸ਼ਾਮਲ ਹਨ। ਇਸ ਨੂੰ ਕਿਸਾਨਾਂ ਦੀ ਆਮਦਨ ਅਤੇ ਫ਼ਸਲਾਂ ਦੇ ਉਤਪਾਦਨ ਵਿੱਚ ਵਾਧੇ ਵਜੋਂ ਦੇਖਿਆ ਜਾ ਰਿਹਾ ਹੈ।ਹਾੜੀ ਸੀਜ਼ਨ 2023-24 ਲਈ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 110 ਰੁਪਏ ਪ੍ਰਤੀ ਕੁਇੰਟਲ ਵਧ ਕੇ 2125 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸੇ ਤਰ੍ਹਾਂ ਜੌਂ ਦਾ ਘੱਟੋ-ਘੱਟ ਸਮਰਥਨ ਮੁੱਲ 100 ਰੁਪਏ ਪ੍ਰਤੀ ਕੁਇੰਟਲ ਵਧ ਕੇ 1735 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।

ਸਰਕਾਰ ਨੇ ਛੋਲਿਆਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ 105 ਰੁਪਏ, ਦਾਲ ‘ਚ 500 ਰੁਪਏ, ਸਰ੍ਹੋਂ ‘ਚ 400 ਰੁਪਏ ਅਤੇ ਸੂਰਜਮੁਖੀ ‘ਚ 209 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀ.ਸੀ.ਈ.ਏ.) ਦੀ ਬੈਠਕ ‘ਚ ਘੱਟੋ-ਘੱਟ ਸਮਰਥਨ ਮੁੱਲ (MSP) ਵਧਾਉਣ ਦਾ ਫੈਸਲਾ ਕੀਤਾ ਗਿਆ। ਘੱਟੋ-ਘੱਟ ਸਮਰਥਨ ਮੁੱਲ ਉਹ ਦਰ ਹੈ ਜਿਸ ‘ਤੇ ਸਰਕਾਰ ਕਿਸਾਨਾਂ ਤੋਂ ਅਨਾਜ ਖਰੀਦਦੀ ਹੈ।

ਹਾੜੀ ਦੀਆਂ ਫਸਲਾਂ ਦੀ ਬਿਜਾਈ ਸਾਉਣੀ ਦੀਆਂ ਫਸਲਾਂ ਦੀ ਵਾਢੀ ਤੋਂ ਤੁਰੰਤ ਬਾਅਦ ਅਕਤੂਬਰ ਵਿੱਚ ਸ਼ੁਰੂ ਹੋ ਜਾਂਦੀ ਹੈ। ਕਣਕ ਅਤੇ ਸਰ੍ਹੋਂ ਮੁੱਖ ਹਾੜ੍ਹੀ ਦੀਆਂ ਫਸਲਾਂ ਹਨ। ਸਰਕਾਰ ਵਲੋਂ ਐਮਐਸਪੀ ਵਿੱਚ ਕੀਤੇ ਗਏ ਇਸ ਵਾਧੇ ਨੂੰ ਦੀਵਾਲੀ ਦੇ ਤੋਹਫੇ ਵਜੋਂ ਦੇਖਿਆ ਜਾ ਰਿਹਾ ਹੈ।