‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਦੇ ਦਬਾਅ ਤੋਂ ਬਾਅਦ ਸਰਕਾਰ ਸਿੰਘੂ ਬਾਰਡਰ ਦਾ ਇੱਕ ਰਾਹ ਖੋਲ੍ਹਣ ਲਈ ਰਾਜ਼ੀ ਹੋ ਗਈ ਹੈ। GT ਕਰਨਾਲ ਰੋਡ ਦਾ ਇੱਕ ਹਿੱਸਾ ਐਮਰਜੈਂਸੀ ਸੇਵਾਵਾਂ ਲਈ ਖੋਲ੍ਹਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨੇ ਅੱਜ ਹਰਿਆਣਾ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਕੀਤੀ ਸੀ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ। ਸੋਨੀਪਤ ਦੇ ਐੱਸਪੀ, ਸੀਐੱਓ ਸਮੇਤ ਹੋਰ ਵੀ ਕਈ ਸੀਨੀਅਰ ਅਧਿਕਾਰੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ ਸਨ। ਕਿਸਾਨਾਂ ਨੇ ਕਿਹਾ ਕਿ ਉਹ ਕਰੋਨਾ ਦੇ ਖਿਲਾਫ ਹਰ ਸੰਭਵ ਮਦਦ ਕਰਨਗੇ।
ਕਿਸਾਨਾਂ ਨੇ ਕਿਹਾ ਕਿ ਪੁਲਿਸ ਆਕਸੀਜਨ ਲੈ ਕੇ ਜਾਣ ਵਾਲੇ ਟਰੱਕਾਂ ਨੂੰ ਘੱਟ ਦੂਰੀ ਵਾਲੇ ਅਤੇ ਸਹੀ ਰਸਤਿਆਂ ‘ਤੇ ਭੇਜਣ ਦੀ ਜਗ੍ਹਾ ਕਿਸਾਨਾਂ ਦੇ ਧਰਨੇ ਵਾਲੇ ਸਥਾਨਾਂ ‘ਤੇ ਗਲਤ ਤਰੀਕੇ ਨਾਲ ਰੋਕ ਰਹੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਬੇਸ਼ੱਕ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੈ ਪਰ ਕਿਸਾਨ ਸਮਾਜਿਕ ਦੂਰੀ ਦੀ ਪਾਲਣਾ ਕਰਦਿਆਂ ਹੋਇਆਂ ਇੱਕ-ਦੂਸਰੇ ਤੋਂ ਦੂਰੀ ਬਣਾ ਕੇ ਬੈਠੇ ਹੋਏ ਹਨ ਅਤੇ ਜ਼ਰੂਰੀ ਸੇਵਾਵਾਂ ਲਈ ਸਾਰੇ ਰਸਤੇ ਖੁੱਲ੍ਹੇ ਹੋਏ ਹਨ।
ਕਿਸਾਨ ਲੀਡਰਾਂ ਨੇ ਕਿਹਾ ਕਿ ਕੱਲ੍ਹ ਸਰਕਾਰ ਦੇ ਆਪ੍ਰੇਸ਼ਨ ਕਲੀਨ ਦਾ ਮੁਕਾਬਲਾ ਕਰਨ ਦੇ ਲਈ ਆਪ੍ਰੇਸ਼ਨ ਸ਼ਕਤੀ ਦੇ ਹਿੱਸੇ ਦੇ ਰੂਪ ਵਿੱਚ, ਟਰੈਕਟਰ, ਟਰਾਲੀਆਂ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਇੱਕ ਵੱਡਾ ਕਾਫਲਾ ਸਿੰਘੂ ਬਾਰਡਰ ਦੇ ਲਈ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਬਰਵਾਸਨੀ ਤੋਂ ਰਵਾਨਾ ਹੋਇਆ ਹੈ। ਇਸ ਕਾਫਲੇ ਵਿੱਚ ਕਈ ਕਿਸਾਨ ਬੀਬੀਆਂ ਵੀ ਸ਼ਾਮਿਲ ਹਨ। ਕਿਸਾਨਾਂ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਕਿਸਾਨੀ ਅੰਦੋਲਨ ਵਿੱਚ ਆਉਣ ਦੀ ਅਪੀਲ ਕੀਤੀ ਹੈ।
ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਰੂਪ ਵਿੱਚ ਜਾਰੀ ਰੱਖਣ ਲਈ ਕਿਸਾਨਾਂ ਨੂੰ ਬਾਰਦਾਨੇ ਦੇ ਲਈ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਬਰਨਾਲਾ ਜ਼ਿਲ੍ਹੇ ਸਮੇਤ ਕਈ ਥਾਂਵਾਂ ‘ਤੇ ਕਿਸਾਨਾਂ ਨੂੰ ਇਸ ਲਈ ਵਿਰੋਧ-ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਕਿਸਾਨ ਲੀਡਰਾਂ ਨੇ ਕਿਹਾ ਕਿ ਬੀਜੇਪੀ ਲੀਡਰਾਂ ਨੂੰ ਵੱਖ-ਵੱਖ ਥਾਂਵਾਂ ‘ਤੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪਟਿਆਲਾ ਵਿੱਚ ਵੀ ਕਿਸਾਨਾਂ ਨੇ ਬੀਜੇਪੀ ਲੀਡਰ ਦਾ ਜ਼ਬਰਦਸਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਵੀ ਕਿਸਾਨੀ ਅੰਦੋਲਨ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਵੈਂਕੂਵਰ ਨਗਰ ਪ੍ਰੀਸ਼ਦ ਨੇ ਕਿਸਾਨਾਂ ਦੇ ਨਾਲ ਇੱਕਜੁੱਟਤਾ ਪ੍ਰਗਟਾਉਂਦਿਆਂ ਇੱਕ ਪ੍ਰਸਤਾਵ ਪੇਸ਼ ਕੀਤਾ ਸੀ।